ਪੰਜਾਬ ਨਗਰ ਨਿਗਮ ਚੋਣਾਂ ਦੀ ਜਾਂਚ ਦੇ ਹੁਕਮ, ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

tv9-punjabi
Updated On: 

29 Mar 2025 07:23 AM

ਸੁਪਰੀਮ ਕੋਰਟ ਨੇ ਕਿਹਾ ਕਿ ਇਹ ਮਾਮਲਾ ਕਈ ਵਿਵਾਦਿਤ ਤੱਥਾਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਬਾਰੇ ਹਾਈ ਕੋਰਟ ਜਾਂ ਸੁਪਰੀਮ ਕੋਰਟ ਆਪਣੇ ਅਧਿਕਾਰ ਖੇਤਰ ਵਿੱਚ ਫੈਸਲਾ ਨਹੀਂ ਲੈ ਸਕਦੇ। ਇਸ ਲਈ, ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਅਤੇ ਚੁਣੀਆਂ ਹੋਈਆਂ ਨਗਰ ਨਿਗਮਾਂ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਇੱਕ ਨਿਰਪੱਖ ਜਾਂਚ ਕਮਿਸ਼ਨ ਨਿਯੁਕਤ ਕਰਨਾ ਜ਼ਰੂਰੀ ਸੀ।

ਪੰਜਾਬ ਨਗਰ ਨਿਗਮ ਚੋਣਾਂ ਦੀ ਜਾਂਚ ਦੇ ਹੁਕਮ, ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

ਸੁਪਰੀਮ ਕੋਰਟ

Follow Us On

ਸੁਪਰੀਮ ਕੋਰਟ ਨੇ 2024 ਦੀਆਂ ਨਗਰ ਨਿਗਮ ਚੋਣਾਂ ਵਿੱਚ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਇਨਕਾਰ ਕੀਤੇ ਜਾਣ ਦੀਆਂ ਸ਼ਿਕਾਇਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕਿਹਾ ਕਿ ਜਸਟਿਸ ਨਿਰਮਲਜੀਤ ਕੌਰ ਨੂੰ ਇਹ ਕੰਮ ਪਹਿਲ ਦੇ ਆਧਾਰ ‘ਤੇ ਰੋਜ਼ਾਨਾ ਕਰਨਾ ਪਵੇਗਾ ਅਤੇ ਜਲਦੀ ਤੋਂ ਜਲਦੀ ਰਿਪੋਰਟ ਜਮ੍ਹਾਂ ਕਰਾਉਣੀ ਪਵੇਗੀ।

ਪਟੀਸ਼ਨਰਾਂ ਵਿੱਚ ਵੱਖ-ਵੱਖ ਰਾਸ਼ਟਰੀ ਰਾਜਨੀਤਿਕ ਪਾਰਟੀਆਂ ਦੇ ਮੈਂਬਰ ਸ਼ਾਮਲ ਸਨ। ਉਨ੍ਹਾਂ ਇਲਜ਼ਾਮ ਲਾਇਆ ਕਿ ਸੱਤਾਧਾਰੀ ਪਾਰਟੀ ਨਾਲ ਜੁੜੇ ਲੋਕਾਂ, ਪੁਲਿਸ ਅਧਿਕਾਰੀਆਂ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ। ਉਹਨਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਹਨਾਂ ‘ਤੇ ਹਮਲਾ ਕੀਤਾ ਗਿਆ, ਉਹਨਾਂ ਦੇ ਕੱਪੜੇ ਪਾੜ ਦਿੱਤੇ ਗਏ ਅਤੇ ਉਹਨਾਂ ਦੇ ਨਾਮਜ਼ਦਗੀ ਪੱਤਰ ਖੋਹ ਲਏ ਗਏ।

ਇਹ ਹੁਕਮ 2024 ਦੀਆਂ ਨਗਰ ਨਿਗਮ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲਿਆਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਤੋਂ ਬਾਅਦ ਆਇਆ ਹੈ। ਪਟੀਸ਼ਨਕਰਤਾਵਾਂ ਨੇ ਇਲਜ਼ਾਮ ਲਗਾਇਆ ਸੀ ਕਿ ਬਹੁਤ ਸਾਰੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਸੀ, ਜਿਸ ਕਾਰਨ ਉਹ ਚੋਣਾਂ ਵਿੱਚ ਹਿੱਸਾ ਨਹੀਂ ਲੈ ਸਕੇ।

ਸੁਪਰੀਮ ਕੋਰਟ ਨੇ ਦਿੱਤੇ ਆਦੇਸ਼

ਬੈਂਚ ਨੇ ਕਿਹਾ ਕਿ ਦੋਵੇਂ ਧਿਰਾਂ ਨਿਰਪੱਖ ਜਾਂਚ ਲਈ ਨਿਰਧਾਰਤ ਪ੍ਰਕਿਰਿਆ ਅਨੁਸਾਰ ਤੱਥ-ਖੋਜ ਕਮਿਸ਼ਨ ਬਣਾਉਣ ਲਈ ਸਹਿਮਤ ਹੋਈਆਂ ਹਨ ਪਰ ਇਹ ਸਿਰਫ਼ ਉਨ੍ਹਾਂ ਹਲਕਿਆਂ ਤੱਕ ਸੀਮਤ ਹੋਵੇਗਾ ਜੋ ਪਹਿਲਾਂ ਹੀ ਅਦਾਲਤ ਵਿੱਚ ਵਿਚਾਰ ਅਧੀਨ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਿਰਫ਼ ਉਹੀ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ ਜਿਨ੍ਹਾਂ ਨੇ ਪਹਿਲਾਂ ਹੀ ਹਾਈ ਕੋਰਟ ਜਾਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਵੇਗੀ।