SYL ‘ਤੇ SC ਦੀ ਪੰਜਾਬ ਸਰਕਾਰ ਨੂੰ ਤਾੜਨਾ, ਕਿਹਾ- ਰਾਜਨੀਤੀ ਨਾ ਕਰੋ, ਤੁਸੀਂ ਕਾਨੂੰਨ ਤੋਂ ਉੱਪਰ ਨਹੀਂ
ਅੱਜ ਸੁਪਰੀਮ ਕੋਰਟ ਵਿੱਚ SYL ਨਹਿਰ ਦੇ ਵਿਵਾਦ 'ਤੇ ਸੁਣਵਾਈ ਹੋਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਇਸ ਮਾਮਲੇ ਵਿੱਚ ਜਨਵਰੀ 2024 ਨੂੰ ਸੁਣਵਾਈ ਹੋਵੇਗੀ।
SYL ਨਹਿਰ ਦੇ ਵਿਵਾਦ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੜੀ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ ਅਤੇ ਕਿਹਾ ਕਿ ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ।
ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪਰੀਮ ਕੋਰਟ ਦਾ ਨਾਰਾਜ਼ਗੀ ਜਾਹਿਰ ਕੀਤੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਨੂੰ ਹੋਵੇਗੀ।
ਕੇਂਦਰ ਨੂੰ ਸਰਵੇ ਸ਼ੁਰੂ ਕਰਨ ਦੇ ਹੁਕਮ ਦਿੱਤੇ
ਉਥੇ ਹੀ ਹਰਿਆਣਾ ਸਰਕਾਰ ਨੇ ਕਿਹਾ ਕਿ ਇਹ ਵਿਵਾਦ ਬੀਤੇ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਅਤੇ ਪੰਜਾਬ ਦੀ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਬੀਤੀ 2 ਮੀਟਿੰਗਾਂ ‘ਚ ਕੋਈ ਹੱਲ ਨਹੀਂ ਨਿਕਲਿਆ। SC ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ SYL ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। SC ਨੇ ਪੰਜਾਬ ਸਰਕਾਰ ਨੂੰ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ। ਰਾਜਸਥਾਨ ਸਰਕਾਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਇਸ ਦਿਸ਼ਾ ਵਿੱਚ ਅੱਗੇ ਵਧਦਾ ਨਜ਼ਰ ਨਹੀਂ ਆ ਰਿਹਾ।
ਕੇਂਦਰ ਤੋਂ ਮੰਗੀ ਮੌਜੂਦਾ ਸਥਿਤੀ ‘ਤੇ ਰਿਪੋਰਟ
SC ਨੇ ਕਿਹਾ ਕਿ ਹਰਿਆਣਾ ‘ਚ SYL ਬਣਾਉਣ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਹੁਣ ਪੰਜਾਬ ਨੂੰ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ ‘ਚ ਕੰਮ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ ‘ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।
ਸਾਡੇ ਕੋਲ ਪਾਣੀ ਨਹੀਂ- CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਸਾਡੇ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਜਿਨ੍ਹਾਂ ਪਹਿਲਾਂ ਤੋਂ ਜਾ ਰਿਹਾ ਹੈ ਉਹ ਜਾ ਹੀ ਰਿਹਾ ਹੈ। ਇਸ ਦੇ ਨਾਲ ਹੀ ਸੀਐਮ ਨੇ ਇਹ ਵੀ ਤੰਜ ਕੱਸਿਆ ਕਿ ਜਦੋਂ ਪੰਜਾਬ ਵਿੱਚ ਹੜ੍ਹ ਦਾ ਪਾਣੀ ਆਇਆ ਸੀ ਤਾਂ ਹਰਿਆਣਾ ਨੇ ਇਹ ਪਾਣੀ ਸਾਨੂੰ ਦੇਣ ਲਈ ਕਿਉਂ ਨਹੀਂ ਕਿਹਾ।