ਤਰਨਤਾਰਨ ‘ਚ ਵੱਡੀ ਵਾਰਦਾਤ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ; 1 ਦੀ ਮੌਤ ਤੇ 2 ਜ਼ਖ਼ਮੀ
ਤਰਨਤਾਰਨ ਦੇ ਹਲਕਾ ਖੇਮਕਰਨ ਅਧੀਨ ਪੈਂਦੇ ਸਰਹੱਦੀ ਪਿੰਡ ਆਸਲ ਉਤਾੜ ਦੀ ਦਾਣਾ ਮੰਡੀ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਤਕਰਾਰ ਨੇ ਉਸ ਸਮੇਂ ਖੂਨੀ ਰੂਪ ਧਾਰਨ ਕਰ ਲਿਆ ਜਦੋਂ ਮੌਕੇ 'ਤੇ ਅੰਨ੍ਹੇਵਾਹ ਗੋਲੀਆਂ ਚੱਲ ਗਈਆਂ। ਇਸ ਖੂਨੀ ਝੜਪ ਵਿੱਚ ਤਿੰਨ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਤਰਨਤਾਰਨ ਦੇ ਹਲਕਾ ਖੇਮਕਰਨ ਅਧੀਨ ਪੈਂਦੇ ਸਰਹੱਦੀ ਪਿੰਡ ਆਸਲ ਉਤਾੜ ਦੀ ਦਾਣਾ ਮੰਡੀ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਤਕਰਾਰ ਨੇ ਉਸ ਸਮੇਂ ਖੂਨੀ ਰੂਪ ਧਾਰਨ ਕਰ ਲਿਆ ਜਦੋਂ ਮੌਕੇ ‘ਤੇ ਅੰਨ੍ਹੇਵਾਹ ਗੋਲੀਆਂ ਚੱਲ ਗਈਆਂ। ਇਸ ਖੂਨੀ ਝੜਪ ਵਿੱਚ ਤਿੰਨ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਦਿਨ-ਦਿਹਾੜੇ ਵਾਪਰੀ ਇਸ ਵਾਰਦਾਤ ਕਾਰਨ ਸਮੁੱਚੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ।
ਪੈਸਿਆਂ ਦੇ ਹਿਸਾਬ-ਕਿਤਾਬ ਨੂੰ ਲੈ ਕੇ ਭਖਿਆ ਵਿਵਾਦ
ਪ੍ਰਾਪਤ ਵੇਰਵਿਆਂ ਮੁਤਾਬਕ ਪਿੰਡ ਆਸਲ ਉਤਾੜ ਦੀ ਦਾਣਾ ਮੰਡੀ ਵਿਖੇ ਪੈਸਿਆਂ ਦੇ ਲੈਣ-ਦੇਣ ਅਤੇ ਹਿਸਾਬ-ਕਿਤਾਬ ਨੂੰ ਲੈ ਕੇ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਸਨ। ਬਹਿਸਬਾਜ਼ੀ ਇੰਨੀ ਜ਼ਿਆਦਾ ਵੱਧ ਗਈ ਕਿ ਹਥਿਆਰਬੰਦ ਧਿਰ ਨੇ ਦੂਜੀ ਧਿਰ ਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਕਾਰਨ ਦਾਣਾ ਮੰਡੀ ਅੰਦਰ ਭਾਜੜ ਪੈ ਗਈ ਅਤੇ ਹਫੜਾ-ਦਫੜੀ ਮਚ ਗਈ। ਗੋਲੀਆਂ ਦੇ ਛਰਰੇ ਤੇ ਗੋਲੀਆਂ ਲੱਗਣ ਕਾਰਨ ਤਿੰਨ ਲੋਕ ਲਹੂ-ਲੁਹਾਣ ਹੋ ਕੇ ਜ਼ਮੀਨ ‘ਤੇ ਡਿੱਗ ਪਏ। ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਸਾਰੇ ਜ਼ਖ਼ਮੀਆਂ ਨੂੰ ਚੁੱਕ ਕੇ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਗੁਰਸੇਵਕ ਸਿੰਘ ਦੀ ਮੌਤ ਹੋ ਗਈ, ਜਦਕਿ ਬਾਕੀ ਦੋ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ।
ਮੌਕੇ ‘ਤੇ ਪੁੱਜੀ ਪੁਲਿਸ, ਵੱਖ-ਵੱਖ ਪਹਿਲੂਆਂ ਤੋਂ ਪੜਤਾਲ ਸ਼ੁਰੂ
ਘਟਨਾ ਦੀ ਇਤਲਾਹ ਮਿਲਦੇ ਸਾਰ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਭਾਰੀ ਫੋਰਸ ਸਮੇਤ ਮੌਕੇ ਤੇ ਪਹੁੰਚਿਆ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਘਟਨਾ ਸਥਾਨ ਦੇ ਆਸ-ਪਾਸ ਮੌਜੂਦ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਖੂਨੀ ਟਕਰਾਅ ਦੀ ਮੁੱਖ ਵਜ੍ਹਾ ਪੈਸਿਆਂ ਦਾ ਲੈਣ-ਦੇਣ ਹੀ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਅਸਲ ਕਾਰਨਾਂ, ਹਮਲਾਵਰਾਂ ਦੀ ਸ਼ਨਾਖ਼ਤ ਅਤੇ ਵਰਤੇ ਗਏ ਹਥਿਆਰਾਂ ਬਾਰੇ ਪੂਰੀ ਜਾਣਕਾਰੀ ਵਿਸਥਾਰਤ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਇਸ ਖੂਨੀ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਖੇਤਰ ਵਿੱਚ ਭਾਰੀ ਤਣਾਅ ਪਾਇਆ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।