ਸੀਐੱਮ VS ਗਵਰਨਰ: ਸੁਪਰੀਮ ਕੋਰਟ ‘ਚ ਪੰਜਾਬ ਦੇ ਰਾਜਪਾਲ ਖ਼ਿਲਾਫ ਅੱਜ ਹੋਵੇਗੀ ਸੁਣਵਾਈ
ਰਾਜਪਾਲ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ 'ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ 'ਤੇ ਸੁਪਰੀਮ ਕੋਰਟ 'ਚ ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ 'ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ 'ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲ ਅਜੇ ਵੀ ਬਕਾਇਆ ਪਏ ਹਨ।
ਪੰਜਾਬ ਨਿਊਜ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋਈ ਦੇਰੀ ਸਬੰਧੀ ਸੂਬਾ ਸਰਕਾਰ ਵੱਲੋਂ ਦਾਇਰ ਪਟੀਸ਼ਨ ਤੇ ਸੁਪਰੀਮ ਕੋਰਟ (Supreme Court) ਵਿੱਚ ਅੱਜ ਸੁਣਵਾਈ ਹੋਵੇਗੀ। ਇਸ ਮਾਮਲੇ ਨੂੰ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ, ਜਸਟਿਸ ਜੇ.ਬੀ ਪਾਰਡੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਅੱਗੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।
ਪਟੀਸ਼ਨ ‘ਚ ਰਾਜਪਾਲ ਨੂੰ ਕੀਤੀ ਬੇਨਤੀ
ਪਟੀਸ਼ਨ ਵਿੱਚ ਰਾਜਪਾਲ (Governor) ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ।ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਜਿਹੀ ਗੈਰ-ਸੰਵਿਧਾਨਕ ਕਾਰਵਾਈ ਕਾਰਨ ਸਮੁੱਚਾ ਪ੍ਰਸ਼ਾਸਨ ਇੱਕ ਤਰ੍ਹਾਂ ਨਾਲ ਠੱਪ ਹੋ ਗਿਆ ਹੈ।
ਪੰਜਾਬ ਸਰਕਾਰ (Punjab Govt) ਦੀ ਦਲੀਲ ਹੈ ਕਿ ਰਾਜਪਾਲ ਬਿੱਲਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕ ਸਕਦੇ। ਇਹ ਧਾਰਾ ਰਾਜਪਾਲ ਨੂੰ ਬਿੱਲਾਂ ਨੂੰ ਰੋਕਣ ਜਾਂ ਵਿਚਾਰ ਲਈ ਰਾਸ਼ਟਰਪਤੀ ਕੋਲ ਭੇਜਣ ਦਾ ਅਧਿਕਾਰ ਦਿੰਦੀ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਣਾਅ ਚੱਲ ਰਿਹਾ ਹੈ।