ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ : ਜਿੰਪਾ

Published: 

13 Oct 2023 20:48 PM

ਏਸ਼ਿਆਈ ਖੇਡਾਂ 'ਚ ਚਾਂਦੀ ਦੇ ਤਗ਼ਮੇ ਜਿੱਤਣ ਵਾਲੀ ਹਰਮਿਲਨ ਬੈਂਸ ਦੇ ਸਨਮਾਨ ਵਿਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਤੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਨੇ ਕਰਵਾਇਆ ਸਮਾਗਮ। ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੋਂ ਇਲਾਵਾ ਖੇਡ ਪ੍ਰੇਮੀਆਂ ਨੇ ਹਰਮਿਲਨ ਬੈਂਸ ਨੂੰ ਕੀਤਾ ਸਨਮਾਨਿਤ। ਸਮਾਗਮ ਵਿੱਚ ਵੱਡੇ ਪੱਧਰ ਤੇ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਤੋਂ ਇਲਾਵਾ ਹਰਮਿਲਨ ਬੈਂਸ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ।

ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ : ਜਿੰਪਾ
Follow Us On

ਪੰਜਾਬ ਨਿਊਜ। ਹਾਂਗਜ਼ੂ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚ ਔਰਤਾਂ ਦੀ 800 ਮੀਟਰ ਅਤੇ 1500 ਮੀਟਰ ਦੌੜ ਵਿਚ ਚਾਂਦੀ ਦੇ ਤਗਮੇ ਜਿੱਤਣ ਵਾਲੀ ਮਾਹਿਲਪੁਰ, ਹੁਸ਼ਿਆਰਪੁਰ (Hoshiarpur) ਦੀ ਹਰਮਿਲਨ ਬੈਂਸ ਦਾ ਜ਼ਿਲ੍ਹੇ ਵਿਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਤੇ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੀ ਤਰਫ਼ੋਂ ਲਾਜਵੰਤੀ ਸਟੇਡੀਅਮ ਵਿੱਚ ਹਰਮਿਲਨ ਦੇ ਸਨਮਾਨ ਵਿਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਅਤੇ ਹੋਰ ਹਾਜ਼ਰ ਸਨ। ਹਰਮਿਲਨ ਬੈਂਸ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Cabinet Minister Brahm Shankar Jimpa) ਨੇ ਕਿਹਾ ਕਿ ਹੁਸ਼ਿਆਰਪੁਰ ਦੀ ਧੀ ਹਰਮਿਲਨ ਬੈਂਸ ਨੇ ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ, ਹੁਸ਼ਿਆਰਪੁਰ, ਮਾਹਿਲਪੁਰ ਦੇ ਨਾਲ-ਨਾਲ ਬੈਂਸ ਪਰਿਵਾਰ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੇ ਹੀ ਸਾਡੇ ਅਸਲੀ ਹੀਰੋ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਦੇ 33 ਰੀਅਲ ਹੀਰੋਜ਼ (ਖਿਡਾਰੀਆਂ) ਨੇ ਏਸ਼ੀਅਨ ਖੇਡਾਂ ਦੇ 72 ਸਾਲਾਂ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨ, 6 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਮੇਤ ਕੁੱਲ 19 ਤਗਮੇ ਜਿੱਤੇ ਹਨ।

ਖਿਡਾਰੀਆਂ ਨੂੰ ਦਿੱਤੇ ਗਏ ਕਰੋੜਾਂ ਰੁਪਏ-ਜਿੰਪਾ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀਆਂ ਹਦਾਇਤਾਂ ਤੇ ਇਸ ਵਾਰ ਏਸ਼ਿਆਈ ਖੇਡਾਂ ਵਿਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਨਿੱਜੀ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਸਿੰਥੈਟਿਕ ਟਰੈਕ ਬਣਾਉਣ ਸਬੰਧੀ ਖੇਡ ਮੰਤਰੀ ਨਾਲ ਗੱਲ ਕਰਕੇ ਇਸ ਦਿਸ਼ਾ ਵਿਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਹਰਮਿਲਨ ਦੀ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰਮਿਲਨ ਦੇ ਨਾਲ-ਨਾਲ ਉਸ ਦਾ ਪੂਰਾ ਪਰਿਵਾਰ ਇਸ ਪ੍ਰਾਪਤੀ ਲਈ ਵਧਾਈ ਦਾ ਹੱਕਦਾਰ ਹੈ, ਜਿਨ੍ਹਾਂ ਨੇ ਹਮੇਸ਼ਾ ਉਸ ਦਾ ਹੌਸਲਾ ਵਧਾਇਆ ਹੈ। ਇਸ ਦੌਰਾਨ ਉਨ੍ਹਾਂ ਹਰਮਿਲਨ ਤੋਂ ਪ੍ਰੇਰਨਾ ਲੈ ਕੇ ਹੋਰਨਾਂ ਖਿਡਾਰੀਆਂ ਨੂੰ ਵੀ ਜ਼ਿਲ੍ਹੇ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਹੁਸ਼ਿਆਰਪੁਰ ਦੇ ਖਿਡਾਰੀਆਂ ਵਿੱਚ ਬਹੁਤ ਸਮਰੱਥਾ ਹੈ-ਬੈਂਸ

ਹਰਮਿਲਨ ਬੈਂਸ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਖਾਸ ਕਰਕੇ ਹੁਸ਼ਿਆਰਪੁਰ ਦੇ ਖਿਡਾਰੀਆਂ ਵਿਚ ਬਹੁਤ ਸਮਰੱਥਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਸਾਡੇ ਖਿਡਾਰੀ ਭਵਿੱਖ ਵਿਚ ਹੋਰ ਵੀ ਤਗਮੇ ਲਿਆ ਕੇ ਸੂਬੇ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਜੇਕਰ ਤੁਸੀਂ ਦ੍ਰਿੜ ਸੰਕਲਪ ਹੋਵੇ ਤਾਂ ਦੁਨੀਆ ‘ਚ ਕੁਝ ਵੀ ਅਸੰਭਵ ਨਹੀਂ ਹੈ।

Exit mobile version