ਚੰਡੀਗੜ੍ਹ । ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ
ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪਿਛਲੇ ਹਫਤੇ ਪੁਲਸ ਨੇ ਅੰਮ੍ਰਿਤਪਾਲ ਦੇ ਸਭ ਤੋਂ ਖਾਸ ਅਤੇ ਭਰੋਸੇਮੰਦ ਦੋਸਤ ਪੱਪਲਪ੍ਰੀਤ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਪੁਲਿਸ ਨੇ ਉਸ ਦੇ ਇਕ ਹੋਰ ਕਰੀਬੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਜੋਗਾ ਸਿੰਘ ਨੂੰ ਪੰਜਾਬ ਦੇ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੇ ਦਿੱਤੀ ਹੈ।
ਹੁਸ਼ਿਆਰਪੁਰ ਪੁਲਿਸ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਿਭਾਈ ਅਹਿਮ ਭੂਮਿਕਾ
ਜਾਣਕਾਰੀ ਅਨੁਸਾਰ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਵਿੱਚ
ਹੁਸ਼ਿਆਰਪੁਰ ਪੁਲਿਸ (Hoshiarpur Police) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਹਿਮ ਭੂਮਿਕਾ ਨਿਭਾਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੋਗਾ ਸਿੰਘ 18 ਤੋਂ 28 ਮਾਰਚ ਤੱਕ ਅੰਮ੍ਰਿਤਪਾਲ ਕੋਲ ਰਿਹਾ ਸੀ। ਐਸਐਸਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਪੰਜਾਬ ਵਾਪਸ ਲਿਆਉਣ ਵਾਲੇ ਲੋਕਾਂ ਵਿੱਚੋਂ ਜੋਗਾ ਸਿੰਘ ਇੱਕ ਸੀ। ਜੋਗਾ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਡੇਰੇ ਦਾ ਇੰਚਾਰਜ ਹੈ।
ਭਾਰਗਵ ਨੇ ਦੱਸਿਆ ਕਿ ਜੋਗਾ ਸਿੰਘ ਅੰਮ੍ਰਿਤਪਾਲ ਦੇ ਸਿੱਧੇ ਸੰਪਰਕ ਵਿੱਚ ਸੀ। ਇਹ ਜੋਗਾ ਸੀ ਜਿਸ ਨੇ ਅੰਮ੍ਰਿਤਪਾਲ ਨੂੰ ਪਨਾਹ ਅਤੇ ਗੱਡੀ ਮੁਹੱਈਆ ਕਰਵਾਈ, ਉਸਨੇ ਅੰਮ੍ਰਿਤਪਾਲ ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਰਹਿਣ ਦਾ ਪ੍ਰਬੰਧ ਕੀਤਾ, ਤਾਂ ਜੋ ਉਹ ਵਾਪਸ ਪੰਜਾਬ ਜਾ ਸਕੇ।
ਕਈ ਦਿਨਾਂ ਤੋਂ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਪੁਲਿਸ
ਪਿਛਲੇ ਮਹੀਨੇ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ
ਖਾਲਿਸਤਾਨੀ ਸਮਰਥਕ (Khalistani Supporter) ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਪੁਲੀਸ ਨੇ ਕਾਬੂ ਕਰ ਲਿਆ ਪਰ ਉਹ ਪੁਲੀਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਪੁਲਿਸ ਉਸ ਦਾ ਪਿੱਛਾ ਕਰ ਰਹੀ ਹੈ। ਅੰਮ੍ਰਿਤਪਾਲ ਪੁਲਿਸ ਤੋਂ ਲਗਾਤਾਰ ਭੱਜ ਰਿਹਾ ਹੈ। ਅਜਿਹੇ ‘ਚ ਉਹ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਹੈ।
ਦੋ ਵਿਅਕਤੀਆਂ ਨੂੰ ਪਹਿਲਾਂ ਕੀਤਾ ਸੀ ਗ੍ਰਿਫਤਾਰ
ਪੁਲਿਸ ਨੇ ਅੰਮ੍ਰਿਤਪਾਲ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਦੀਪ ਸਿੰਘ ਵਾਸੀ ਪਿੰਡ ਬਾਬਕ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਰਬਜੀਤ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ