ਪੰਜਾਬ ਸਰਕਾਰ ਨੇ ਮਿਲਾਵਟਖੋਰਾਂ ‘ਤੇ ਕੱਸਿਆ ਸ਼ਿਕੰਜਾ, ਵਿਭਾਗ ਨੂੰ ਚੌਕਸੀ ਵਰਤਣ ਦੇ ਨਿਰਦੇਸ਼

Updated On: 

05 May 2023 15:43 PM

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ 'ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼, ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਦੀ ਆਖੀ ਗੱਲ।

ਪੰਜਾਬ ਸਰਕਾਰ ਨੇ ਮਿਲਾਵਟਖੋਰਾਂ ਤੇ ਕੱਸਿਆ ਸ਼ਿਕੰਜਾ, ਵਿਭਾਗ ਨੂੰ ਚੌਕਸੀ ਵਰਤਣ ਦੇ ਨਿਰਦੇਸ਼
Follow Us On

ਚੰਡੀਗੜ੍ਹ। ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ।

ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।

‘ਲੋਕਾਂ ਦੀ ਸਿਹਤ ਨਾਲ ਸਮਝੌਤਾ ਨਹੀਂ ਹੋਵੇਗਾ’

ਲੋਕਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨਾਲ ਕੌਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਵਾਟਖੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਰੋਕਣ ਲਈ ਜਾਗਰੂਕਤਾ ਦੇ ਨਾਲ ਚੈਕਿੰਗ, ਲੈਬ ਟੈਸਟਿੰਗ ਆਦਿ ਕਾਰਗਾਰ ਕਦਮ ਵੀ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ।

ਮਿਲਾਵਟਖੋਰੀ ਬਾਰੇ ਜਾਗਰੂਕ ਕੀਤਾ ਜਾਵੇ

ਸਬਜ਼ੀਆਂ ਅਤੇ ਫਲਾਂ ਨੂੰ ਗੈਰ ਕੁਦਰਤੀ ਤਰੀਕਿਆਂ ਨਾਲ ਪਕਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇ। ਫੂਡ ਸੇਫਟੀ ਮੋਬਾਈਲ ਵਾਹਨਾਂ ਅਤੇ ਟੈਸਟਿੰਗ ਵਾਲੀਆਂ ਲੈਬਜ਼ ਨੂੰ ਵਧਾਇਆ ਜਾਵੇ। ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਵੇਰ ਦੀਆਂ ਪ੍ਰਾਥਨਾ ਸਭਾਵਾਂ ਵਿੱਚ ਵਿਦਿਆਰਥੀਆਂ ਨੂੰ ਮਿਲਾਵਟਖੋਰੀ ਬਾਰੇ ਜਾਗਰੂਕ ਕੀਤਾ ਜਾਵੇ।

ਇਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾਣ। ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਲਈ ਲਾਇਸੈਂਸਿੰਗ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ ਦਿੰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਧ ਸਮੱਗਰੀ ਬਿਨਾਂ ਇਸ ਦੇ ਨਾ ਵੇਚੀ ਜਾਵੇ।

ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ

ਜੰਜੂਆ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ ਵਿੱਚ ਹੋਰ ਨਵੀਆਂ ਲੈਬ ਸਥਾਪਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ।

ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ ਨੇ ਈਟ ਰਾਈਟ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਨੂੰ ਵਿਸ਼ੇਸ਼ ਕਰਕੇ ਮੈਡੀਕਲ ਕਾਲਜ, ਨਰਸਿੰਗ ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਸਰਟੀਫਿਕੇਸ਼ਨ ਕਰਵਾਉਣ ਲਈ ਕਿਹਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version