ਪਾਕਿਸਤਾਨ ‘ਚ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ 3 ਸ਼ਰਧਾਲੂ ਲਾਪਤਾ, ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਵਿਛੜੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਤੋਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਦੇ ਜੱਥੇ ਵਿੱਚੋਂ ਤਿੰਨ ਸ਼ਰਧਾਲੂ ਅਚਾਨਕ ਲਾਪਤਾ ਹੋ ਗਏ ਹਨ। ਲਾਪਤਾ ਹੋਏ ਇਹ ਤਿੰਨੋਂ ਸ਼ਰਧਾਲੂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਤੋਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਦੇ ਜੱਥੇ ਵਿੱਚੋਂ ਤਿੰਨ ਸ਼ਰਧਾਲੂ ਅਚਾਨਕ ਲਾਪਤਾ ਹੋ ਗਏ ਹਨ। ਲਾਪਤਾ ਹੋਏ ਇਹ ਤਿੰਨੋਂ ਸ਼ਰਧਾਲੂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਇਹ ਤਿੰਨੋਂ ਵਿਅਕਤੀ 25 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵੱਲ ਜਾਂਦੇ ਸਮੇਂ ਜੱਥੇ ਨਾਲੋਂ ਵੱਖ ਹੋ ਗਏ ਸਨ, ਜਿਨ੍ਹਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ। ਇਸ ਘਟਨਾ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਪਾਕਿਸਤਾਨ ਸਰਕਾਰ ਤੋਂ ਮਾਮਲੇ ਦੀ ਤੁਰੰਤ ਜਾਂਚ ਕਰਨ ਦੀ ਮੰਗ ਉਠਾਈ ਹੈ।
ਪਿਛਲੇ ਸਾਲ ਕਪੂਰਥਲਾ ਦੀ ਸਰਬਜੀਤ ਕੌਰ ਹੋਈ ਸੀ ਲਾਪਤਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਪੂਰਥਲਾ ਦੀ ਰਹਿਣ ਵਾਲੀ ਸਰਬਜੀਤ ਕੌਰ ਵੀ ਪਾਕਿਸਤਾਨ ਯਾਤਰਾ ਦੌਰਾਨ ਗਾਇਬ ਹੋ ਗਈ ਸੀ। ਉਹ 4 ਨਵੰਬਰ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜੱਥੇ ਨਾਲ ਪਾਕਿਸਤਾਨ ਗਈ ਸੀ। 13 ਨਵੰਬਰ ਨੂੰ ਬਾਕੀ ਜੱਥਾ ਭਾਰਤ ਪਰਤ ਆਇਆ ਸੀ, ਪਰ ਉਹ ਵਾਪਸ ਨਹੀਂ ਆਈ ਸੀ। ਬਾਅਦ ਵਿੱਚ ਖੁਲਾਸਾ ਹੋਇਆ ਸੀ ਕਿ ਉਸ ਨੇ ਪਾਕਿਸਤਾਨ ਦੇ ਸ਼ੇਖੂਪੁਰਾ ਨਿਵਾਸੀ ਨਾਸਿਰ ਹੁਸੈਨ ਨਾਲ ਨਿਕਾਹ ਕਰ ਲਿਆ ਹੈ ਅਤੇ ਇਸਲਾਮ ਕਬੂਲ ਕਰਕੇ ਆਪਣਾ ਨਾਮ ਨੂਰ ਹੁਸੈਨ ਰੱਖ ਲਿਆ ਹੈ।
24 ਨਵੰਬਰ ਨੂੰ ਰਵਾਨਾ ਹੋਇਆ ਸੀ ਜੱਥਾ
ਪ੍ਰਾਪਤ ਵੇਰਵਿਆਂ ਅਨੁਸਾਰ, 24 ਨਵੰਬਰ ਨੂੰ ਅਟਾਰੀ-ਵਾਘਾ ਸਰਹੱਦ ਦੇ ਰਸਤੇ ਕੁੱਲ 2,339 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਇਸ ਜੱਥੇ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਗਏ ਸਨ। ਇਹ ਜੱਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚਿਆ ਸੀ ਅਤੇ ਉੱਥੇ ਠਹਿਰਨ ਤੋਂ ਬਾਅਦ 25 ਨਵੰਬਰ ਨੂੰ ਜਦੋਂ ਜੱਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਇਆ, ਤਾਂ ਰਸਤੇ ਵਿੱਚੋਂ ਤਿੰਨ ਸ਼ਰਧਾਲੂ ਲਾਪਤਾ ਹੋ ਗਏ। ਲਾਪਤਾ ਹੋਏ ਤਿੰਨੋਂ ਸ਼ਰਧਾਲੂਆਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚ ਬਿਕਰ ਸਿੰਘ (ਨਿਵਾਸੀ ਜਲੰਧਰ), ਬਿਕਰਮਜੀਤ ਸਿੰਘ (ਨਿਵਾਸੀ ਤਰਨਤਾਰਨ) ਅਤੇ ਹਰਪ੍ਰੀਤ ਸਿੰਘ (ਨਿਵਾਸੀ ਅੰਮ੍ਰਿਤਸਰ) ਸ਼ਾਮਲ ਹਨ।
“ਪੂਰੀ ਸੰਗਤ ਨੂੰ ਭੁਗਤਣਾ ਪੈਂਦਾ ਹੈ ਖਮਿਆਜ਼ਾ”: DSGMC ਪ੍ਰਧਾਨ
ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਟਿਕਾਣੇ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਜਾਂਦੀ, ਉਦੋਂ ਤੱਕ ਪੱਕੇ ਤੌਰ ‘ਤੇ ਕੁਝ ਵੀ ਨਹੀਂ ਕਿਹਾ ਜਾ ਸਕਦਾ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਅਕਸਰ ਅਜਿਹੇ ਮਾਮਲਿਆਂ ਵਿੱਚ ਬਾਅਦ ਵਿੱਚ ਇਹੀ ਸਾਹਮਣੇ ਆਉਂਦਾ ਹੈ ਕਿ ਕੁਝ ਲੋਕ ਆਪਣੀ ਮਰਜ਼ੀ ਨਾਲ ਜੱਥੇ ਵਿੱਚੋਂ ਗਾਇਬ ਹੋ ਜਾਂਦੇ ਹਨ।
ਕਾਲਕਾ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਦੀਆਂ ਹਰਕਤਾਂ ਕਾਰਨ ਗੁਰੂ ਸਾਹਿਬ ਦੀ ਕਿਰਪਾ ਨਾਲ ਮਿਲੀ ਗੁਰਧਾਮਾਂ ਦੇ ਦਰਸ਼ਨਾਂ ਦੀ ਸੌਗਾਤ ਅਤੇ ਹਰ ਸਾਲ ਜਾਣ ਵਾਲੀ ਸ਼ਰਧਾਲੂ ਸੰਗਤ ਲਈ ਵੱਡੀਆਂ ਰੁਕਾਵਟਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਸਾਰਿਆਂ ਨੂੰ ਇੱਕੋ ਤੱਕੜੀ ਵਿੱਚ ਤੋਲਦੀਆਂ ਹਨ, ਜਿਸ ਦਾ ਖਮਿਆਜ਼ਾ ਪੂਰੀ ਸਿੱਖ ਸੰਗਤ, ਦਿੱਲੀ ਦੀ ਸੰਗਤ ਅਤੇ ਪ੍ਰਬੰਧਕ ਕਮੇਟੀਆਂ ਨੂੰ ਸਮੂਹਿਕ ਰੂਪ ਵਿੱਚ ਭੁਗਤਣਾ ਪੈਂਦਾ ਹੈ।
ਇਹ ਵੀ ਪੜ੍ਹੋ
ਪਾਕਿਸਤਾਨ ਸਰਕਾਰ ਤੋਂ ਗੰਭੀਰ ਜਾਂਚ ਦੀ ਅਪੀਲ
ਹਰਮੀਤ ਸਿੰਘ ਕਾਲਕਾ ਨੇ ਪਾਕਿਸਤਾਨ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਜਲਦ ਤੋਂ ਜਲਦ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਰਾਹੀਂ ਇਹ ਸਥਿਤੀ ਤੁਰੰਤ ਸਪੱਸ਼ਟ ਹੋਣੀ ਚਾਹੀਦੀ ਹੈ ਕਿ ਕੀ ਇਹ ਤਿੰਨੋਂ ਸ਼ਰਧਾਲੂ ਆਪਣੀ ਮਰਜ਼ੀ ਨਾਲ ਕਿਤੇ ਗਏ ਹਨ ਜਾਂ ਫਿਰ ਉਨ੍ਹਾਂ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰੀ ਹੈ।
