ਪੰਜਾਬ ਕਾਂਗਰਸ ‘ਚ ਮਨ-ਮੁਟਾਵ ਹੈ? TV9 ਦੇ ਸੱਤਾ ਸੰਮੇਲਨ ‘ਚ ਪ੍ਰਧਾਨ ਪਰਗਟ ਸਿੰਘ ਨੇ ਦਿੱਤਾ ਜਵਾਬ
ਪੰਜਾਬ ਕਾਂਗਰਸ ਦੀ ਟੀਮ 'ਚ ਅੰਦਰੂਨੀ ਖਿੱਚੋਤਾਣ ਅਤੇ ਮਨਮੁਟਾਅ ਬਾਰੇ ਪੁੱਛੇ ਗਏ ਸਵਾਲ 'ਤੇ ਪਰਗਟ ਸਿੰਘ ਨੇ ਅਜਿਹੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ 'ਚ ਅਜਿਹਾ ਕੁਝ ਵੀ ਨਹੀਂ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਚਰਨਜੀਤ ਸਿੰਘ ਚੰਨੀ ਦੀ ਯਾਤਰਾ ਦੇ ਸਮਾਪਤੀ ਸਮਾਗਮ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸ਼ਾਮਲ ਹੋਣਗੇ, ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਚੰਗੇ ਖਿਡਾਰੀ ਹਨ ਤੇ ਅਸੀਂ ਉਨ੍ਹਾਂ ਤੋਂ ਕੰਮ ਲੈ ਰਹੇ ਹਾਂ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ TV9 ਨੈੱਟਵਰਕ ਵੱਲੋਂ ਕਰਵਾਏ ਜਾ ਰਹੇ ‘ਸੱਤਾ ਸੰਮੇਲਨ ਪੰਜਾਬ’ ”ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਹਮਲੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ”ਚ ਅੰਦਰੂਨੀ ਮਨਮੁਟਾਅ ਦੀਆਂ ਚਰਚਾਵਾਂ ਬਾਰੇ ਵੀ ਆਪਣਾ ਪੱਖ ਰੱਖਿਆ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ‘ਚ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਜੋ ਕੁਝ ਹੋਇਆ ਹੈ, ਉਸ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ‘ਚ ਅਰਵਿੰਦ ਕੇਜਰੀਵਾਲ ਦੀ ਤਸਵੀਰ ਵੀ ਨਹੀਂ ਲੱਗਦੀ। ਉਨ੍ਹਾਂ ਮੁਤਾਬਕ ਪੰਜਾਬ ਅਜਿਹੀ ਸਿਆਸਤ ਨੂੰ ਸਵੀਕਾਰ ਨਹੀਂ ਕਰਦਾ, ਜਿਸ ਤਰ੍ਹਾਂ ਦੀ ਸਿਆਸਤ ਆਮ ਆਦਮੀ ਪਾਰਟੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਚੁਣਿਆ ਸੀ, ਪਰ ਸੂਬੇ ‘ਚ ਬਦਲਾਅ ਕਿਸੇ ਹੋਰ ਹੀ ਦਿਸ਼ਾ ‘ਚ ਹੋ ਗਿਆ।
ਡੀਜੀਪੀ ਤੇ ਮੁੱਖ ਸਕੱਤਰ ਵਰਕਰਾਂ ਵਾਂਗ ਕੰਮ ਕਰ ਰਹੇ ਹਨ: ਪਰਗਟ ਸਿੰਘ
ਪਰਗਟ ਸਿੰਘ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ‘ਤੇ ਸਵਾਲ ਚੁੱਕਦਿਆਂ ਇਲਜ਼ਾਮ ਲਗਾਇਆ ਕਿ ਸੂਬੇ ਦੇ ਡੀਜੀਪੀ ਅਤੇ ਮੁੱਖ ਸਕੱਤਰ ਸਰਕਾਰ ਦੇ ਵਰਕਰਾਂ ਵਾਂਗ ਕੰਮ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲਿਆ ਤੇ ਸਵਾਲ ਕੀਤਾ ਕਿ ਦੇਸ਼ ‘ਚ ਇਸ ਸਮੇਂ ਕੀ ਹੋ ਰਿਹਾ ਹੈ ਤੇ ਚੋਣ ਕਮਿਸ਼ਨ ਆਪਣੀ ਜ਼ਿੰਮੇਵਾਰੀ ਕਿਵੇਂ ਨਿਭਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਨਫ਼ਰਤ ਦੀ ਸਿਆਸਤ ਨੂੰ ਪਸੰਦ ਨਹੀਂ ਕਰਦੇ ਤੇ ਆਮ ਆਦਮੀ ਪਾਰਟੀ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਪੰਜਾਬ ਕਾਂਗਰਸ ‘ਚ ਮਨਮੁਟਾਅ ਦੀਆਂ ਚਰਚਾਵਾਂ ‘ਤੇ ਕੀ ਬੋਲੇ ਪਰਗਟ ਸਿੰਘ?
ਪੰਜਾਬ ਕਾਂਗਰਸ ਦੀ ਟੀਮ ‘ਚ ਅੰਦਰੂਨੀ ਖਿੱਚੋਤਾਣ ਅਤੇ ਮਨਮੁਟਾਅ ਬਾਰੇ ਪੁੱਛੇ ਗਏ ਸਵਾਲ ‘ਤੇ ਪਰਗਟ ਸਿੰਘ ਨੇ ਅਜਿਹੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਅਜਿਹਾ ਕੁਝ ਵੀ ਨਹੀਂ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਚਰਨਜੀਤ ਸਿੰਘ ਚੰਨੀ ਦੀ ਯਾਤਰਾ ਦੇ ਸਮਾਪਤੀ ਸਮਾਗਮ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸ਼ਾਮਲ ਹੋਣਗੇ, ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਚੰਗੇ ਖਿਡਾਰੀ ਹਨ ਤੇ ਅਸੀਂ ਉਨ੍ਹਾਂ ਤੋਂ ਕੰਮ ਲੈ ਰਹੇ ਹਾਂ।
ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਸਿਆਸਤ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸੂਬੇ ‘ਚ ਪਿਛਲੇ ਪੰਜ ਸਾਲਾਂ ਤੋਂ ਸਿਰਫ਼ ਇੱਕ-ਦੂਜੇ ‘ਤੇ ਤੰਜ ਕੱਸੇ ਜਾ ਰਹੇ ਹਨ ਤੇ ਚੁਟਕਲੇ ਸੁਣਾਏ ਜਾ ਰਹੇ ਹਨ। ਉਨ੍ਹਾਂ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਾਲ ਕਿੰਨੇ ਲੋਕ ਚੱਲਦੇ ਹਨ? ਸਾਰਿਆਂ ਦੀਆਂ ਆਪਣੀਆਂ-ਆਪਣੀਆਂ ਜ਼ਿੰਮੇਵਾਰੀਆਂ ਹਨ।
ਇਹ ਵੀ ਪੜ੍ਹੋ
ਪੰਜਾਬ ਬ੍ਰਾਂਡ ਨੂੰ ਮੁੜ ਸਥਾਪਿਤ ਕਰਨਾ ਸਾਡਾ ਮੁੱਦਾ: ਪਰਗਟ ਸਿੰਘ
ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਮੁੱਖ ਮਕਸਦ ਪੰਜਾਬ ਬ੍ਰਾਂਡ ਨੂੰ ਮੁੜ ਸਥਾਪਿਤ ਕਰਨਾ ਹੈ। ਸੂਬੇ ਦੀਆਂ ਪ੍ਰਸ਼ਾਸਨਿਕ ਤੇ ਸਮਾਜਿਕ ਸਮੱਸਿਆਵਾਂ ਦਾ ਹੱਲ ਕਰਨਾ ਵੀ ਪਾਰਟੀ ਦੀ ਤਰਜੀਹ ਹੈ। ਉਨ੍ਹਾਂ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੁਲਿਸ ਦੇ ਕਈ ਜਵਾਨ ਵੀ ਨਸ਼ਿਆਂ ਦਾ ਸ਼ਿਕਾਰ ਹਨ। ਇਸ ਸਥਿਤੀ ‘ਚ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੀ ਸਪਲਾਈ ਸਰਹੱਦ ਪਾਰੋਂ ਆਉਂਦੀ ਹੈ ਤੇ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨਾ ਪਵੇਗਾ।
ਵੋਟ ਚੋਰੀ ਦਾ ਮੁੱਦਾ ਵੀ ਚੁੱਕਿਆ
ਪਰਗਟ ਸਿੰਘ ਨੇ ਵੋਟ ਚੋਰੀ ਦਾ ਮੁੱਦਾ ਚੁੱਕਦਿਆਂ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਫਾਰਮ 6 ਸਬੰਧੀ ਹਦਾਇਤਾਂ ਸੁਪਰੀਮ ਕੋਰਟ ਵੱਲੋਂ ਨਹੀਂ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਹਰ ਵੋਟਰ ਨੂੰ ਉਸ ਦਾ ਵੋਟ ਪਾਉਣ ਦਾ ਅਧਿਕਾਰ ਦਿਵਾਉਣ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ‘ਚ ਸੋਧ ਜਾਂ ਤਾਂ ਸੰਸਦ ਰਾਹੀਂ ਹੋ ਸਕਦੀ ਹੈ ਜਾਂ ਫਿਰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਰਾਹੀਂ। ਪਰਗਟ ਸਿੰਘ ਨੇ ਸਵਾਲ ਕੀਤਾ ਕਿ ਜੇਕਰ ਇਹ ਵੋਟਾਂ ਦੀ ਚੋਰੀ ਨਹੀਂ ਹੈ ਤਾਂ ਭਾਜਪਾ ਨੇ ਕਾਨੂੰਨ ‘ਚ ਸੋਧ ਕਿਉਂ ਕਰਵਾਈ? ਉਨ੍ਹਾਂ ਇਲਜ਼ਾਮ ਲਗਾਇਆ ਕਿ ਇਹ ਮਾਮਲਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ।
ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਤੇ ਹਮਲਾ ਕਰਦਿਆਂ ਇਲਜ਼ਾਮ ਲਗਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਪੁਲਿਸ ਸਟੇਟ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਪ੍ਰਸ਼ਾਸਨਿਕ ਪ੍ਰਬੰਧ ਤੇ ਸਮਾਜਿਕ ਸਮੱਸਿਆਵਾਂ ਨੂੰ ਸੁਧਾਰਨ ਦੀ ਲੋੜ ਹੈ।


