ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਮੂਨਕ ਦੇ ਪਿੰਡ ਕੜੈਲ ਅਤੇ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਲੱਗੇ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਹਰ ਹਫ਼ਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਆਯੋਜਿਤ ਕੀਤੇ ਜਾਂਦੇ ਹਨ ਕੈਂਪ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਰੰਭੀ ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਮੂਹ ਸਬਡਵੀਜ਼ਨਾਂ ਅੰਦਰ ਇਸ ਮੁਹਿੰਮ ਅਧੀਨ ਕੈਂਪਾਂ ਦਾ ਆਯੋਜਨ ਲਗਾਤਾਰ ਜਾਰੀ ਹੈ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਖੁਦ ਆਪੋ ਆਪਣੀਆਂ ਸਬ ਡਵੀਜਨਾਂ ਅੰਦਰ ਲੱਗਣ ਵਾਲੇ ਕੈਂਪਾਂ ਦੀ ਨਿਗਰਾਨੀ ਕਰਦੇ ਹਨ ਅਤੇ ਉਥੇ ਪਹੁੰਚਣ ਵਾਲੇ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਹਰ ਬੁੱਧਵਾਰ ਇਸ ਮੁਹਿੰਮ ਦੇ ਤਹਿਤ ਹੀ ਜ਼ਿਲ੍ਹੇ ਦੇ ਕਿਸੇ ਇੱਕ ਪਿੰਡ ਜਾਂ ਸ਼ਹਿਰੀ ਹਿੱਸੇ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਦੇ ਹਨ।


