ਅਮਰੀਕਾ ਸਰਕਾਰ ਵੱਲੋਂ ਪੋਟਸਰ ‘ਚ ਸਿੱਖਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਸ਼੍ਰੋਮਣੀ ਕਮੇਟੀ ਵੱਲੋ ਸਖ਼ਤ ਇਤਰਾਜ਼
SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਟਰੱਕ ਚਾਲਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ।
Mr Singh Poster: ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਸੋਸ਼ਲ ਮੀਡੀਆ ਰਾਹੀਂ (ਐਕਸ) ਸਾਹਮਣੇ ਆਏ ਇਕ ਪੋਸਟਰ ਵਿੱਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ‘ਤੇ ਅਮਰੀਕਾ ਸਰਕਾਰ ਕੋਲ ਉਠਾਉਣ ਲਈ ਅਪੀਲ ਕੀਤੀ ਹੈ।
ਅਮਰੀਕਾ ਦੇ ਵਿਕਾਸ ਵਿੱਚ ਸਿੱਖਾਂ ਦਾ ਵੱਡਾ ਯੋਗਦਾਨ
SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਟਰੱਕ ਚਾਲਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੋਸਟਰ ਵਿਚ ਮਿਸਟਰ ਸਿੰਘ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਵਿਕਸਤ ਕਹੇ ਜਾਣ ਵਾਲੇ ਦੇਸ਼ ਲਈ ਅਜਿਹੀ ਸੋਚ ਹੋਰ ਵੀ ਦੁਖਦਾਈ ਅਤੇ ਚਿੰਤਾਜਨਕ ਹੈ।

ਮਿਸਟਰ ਸਿੰਘ, ਤੁਹਾਨੂੰ ਗੱਡੀ ਚਲਾਉਣੀ ਨਹੀਂ ਆਉਂਦੀ US ‘ਚ ਪੋਸਟਰ ‘ਤੇ ਵਿਵਾਦ
ਇਹ US ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਵੀ ਮੇਲ ਨਹੀਂ ਖਾਂਦੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ਤੇ ਨਿਸ਼ਾਨਾ ਬਨਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਰਾਹੀਂ ਪ੍ਰਵਾਸੀ ਭਾਈਚਾਰਿਆਂ ਨੂੰ ਡਰਾਉਣ ਜਾਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਅਮਰੀਕਾ ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਵੀ ਮੇਲ ਨਹੀਂ ਖਾਂਦੀ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਕਿਸੇ ਵਿਅਕਤੀ ਵਿਸ਼ੇਸ਼ ਦੇ ਵਾਹਨ ਚਲਾਉਣ ਨਾਲ ਸਬੰਧਤ ਮਾਮਲੇ ਨੂੰ ਪੂਰੇ ਪੰਜਾਬੀ ਜਾਂ ਸਿੱਖ ਭਾਈਚਾਰੇ ਨਾਲ ਜੋੜ ਕੇ ਦੇਖਣਾ ਸਰਾਸਰ ਗਲਤ ਅਤੇ ਨਾ-ਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਦੀ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਖ਼ਤਰਾ ਹੈ।
ਇਹ ਵੀ ਪੜ੍ਹੋ
ਧਾਮੀ ਨ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਜਿਹੇ ਚਿੰਤਾਜਨਕ ਅਤੇ ਸਿੱਖ ਸਮਾਜ ਪ੍ਰਤੀ ਨਫ਼ਰਤੀ ਵਰਤਾਰੇ ਵਾਲੇ ਮਾਮਲੇ ਨੂੰ ਅਮਰੀਕਾ ਸਰਕਾਰ ਕੋਲ ਚੁੱਕਣ ਦੀ ਅਪੀਲ ਕੀਤੀ ਹੈ।


