ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਧਰਮਸੋਤ ਗ੍ਰਿਫਤਾਰ

Published: 

07 Feb 2023 09:52 AM

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਧਰਮਸੋਤ ਗ੍ਰਿਫਤਾਰ
Follow Us On

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਦੀ ਰਾਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ 01 ਮਾਰਚ 2016 ਤੋਂ 31 ਮਾਰਚ 2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਸਾਧੂ ਸਿੰਘ ਧਰਮਸੋਤ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸਕਾਲਰਸ਼ਿਪ ਘੁਟਾਲੇ ‘ਚ ਵੀ ਜ਼ਮਾਨਤ ‘ਤੇ ਹਨ

ਬੀਤੇ ਸਾਲ ਵੀ 2022 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਜੂਨ 2022 ਵਿੱਚ ਧਰਮਸੋਤ ਨੂੰ ਵਜ਼ੀਫ਼ਾ ਘੁਟਾਲੇ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਘਪਲਾ 60 ਕਰੋੜ ਤੋਂ ਵੱਧ ਦਾ ਹੈ। ਉਨ੍ਹਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਦਿੱਤੇ ਗਏ ਵਜ਼ੀਫੇ ‘ਚ ਬੇਨਿਯਮੀਆਂ ਦੇ ਦੋਸ਼ ਲੱਗੇ ਸਨ।

ਦੱਸ ਦੇਈਏ ਕਿ ਕੈਪਟਨ ਸਰਕਾਰ ਵੇਲੇ ਹੀ ਧਰਮਸੋਤ ‘ਤੇ ਇਹ ਦੋਸ਼ ਲੱਗੇ ਸਨ ਪਰ ਤਤਕਾਲੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਉਸ ਨੂੰ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ ਪਰ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਐਲਾਨ ਕੀਤਾ ਸੀ ਕਿ ਵਜ਼ੀਫਾ ਘੁਟਾਲੇ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ ਅਤੇ ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ।

ਤਿੰਨ ਮੰਤਰੀ ਸਲਾਖਾਂ ਪਿੱਛੇ, ਇਕ ਜ਼ਮਾਨਤ ‘ਤੇ

ਪੰਜਾਬ ‘ਚ ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਸਾਬਕਾ ਕਾਂਗਰਸ ਸਰਕਾਰ ਦੇ ਤਿੰਨ ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਸਲਾਖਾਂ ਪਿੱਛੇ ਹਨ, ਜਦਕਿ ਸੰਗਤ ਸਿੰਘ ਗਿਲਜੀਆਂ ਨੂੰ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਕੁਝ ਹੋਰ ਸਾਬਕਾ ਮੰਤਰੀਆਂ ਖਿਲਾਫ ਵੀ ਜਾਂਚ ਚੱਲ ਰਹੀ ਹੈ। ਇਸ ਵਿੱਚ ਅਕਾਲੀ ਸਰਕਾਰ ਦੇ ਸਾਬਕਾ ਮੰਤਰੀ ਵੀ ਸ਼ਾਮਲ ਹਨ।

Exit mobile version