Last Day of Invest Punjab: ਐਮਓਯੂ ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਉਦਯੋਗਪਤੀਆਂ ਨਾਲ ਹੋਣਗੇ ਦਿਲ ਤੋਂ ਸਮਝੌਤੇ: ਮੁੱਖ ਮੰਤਰੀ
CM in Invest Punjab : ਸੰਮੇਲਨ ਦੇ ਸਮਾਪਤੀ ਮੌਕੇ ਉਦਯੋਗਪਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਮਓਡੀਐਸ ਸਿੱਧੇ ਤੌਰ 'ਤੇ ਦਿਲੋਂ ਪਵਿੱਤਰ ਸਮਝੌਤਾ ਕੀਤਾ ਹੈ ।ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸ ਵਿੱਚ ਵਿਸ਼ਵਾਸ ਅਤੇ ਉਤਸ਼ਾਹ ਹੋਣਾ ਲਾਜਮੀ ਹੈ।
ਐਸ.ਏ.ਐਸ ਨਗਰ ਨਿਊਜ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ਦਾ ਸਮਾਂ ਹੁਣ ਬੀਤ ਚੁੱਕਾ ਹੈ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਉਦਯੋਗਪਤੀਆਂ ਨਾਲ ਨਿਵੇਸ਼ ਲਈ ਮੈਮੋਰੰਡਮ ਆਫ ਦਿਲ ਸੇ (ਐਮ.ਓ.ਡੀ.ਐਸ.) ਕਰੇਗੀ।
‘ਜ਼ਬਰਦਸਤੀ ਸਮਝੌਤੇ ਕਰਨ ਦੀ ਪਹਿਲੀ ਪ੍ਰਥਾ ਹੁਣ ਖਤਮ’
ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪਹਿਲੀ ਪ੍ਰਥਾ ਹੁਣ ਖਤਮ ਹੋ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ‘ਚ ਵੱਡੇ ਪੱਧਰ ‘ਤੇ ਉਦਯੋਗੀਕਰਨ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਆਪਣੇ ਬਲਬੂਤੇ ਆਏ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਆਪਣੇ ਟੀਚੇ ਦੇ ਅਨੁਸਾਰ ਸੂਬੇ ਵਿੱਚ ਵਿਸਤਾਰ ਦੀਆਂ ਸੰਭਾਵਨਾਵਾਂ ਤਲਾਸ਼ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਆਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਪਾਉਣਾ ਸਮੇਂ ਦੀ ਲੋੜ
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਦਯੋਗ ਨੂੰ ਹੋਰ ਹੁਲਾਰਾ ਦੇਣ ਲਈ ਹਰ ਸਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ ਦੀ ਹਰ ਤਿਮਾਹੀ ਵਿੱਚ ਵੱਖ ਵੱਖ ਖੇਤਰਾਂ ਉੱਤੇ ਅਧਾਰਿਤ ਸੰਮੇਲਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਪਾਉਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਉਦਯੋਗਾਂ ਦੇ ਖੇਤਰੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ।
ਮੁੱਖ ਮੰਤਰੀ ਨੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਮੁੱਖ ਮੰਤਰੀ ਨੇ ਪੰਜਾਬ ਨੂੰ ਤਰੱਕੀਪਸੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਨਅਤ ਦੇ ਸਰਗਰਮ ਸਹਿਯੋਗ ਨਾਲ ਇਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਮਨੋਰਥ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।
ਉਦਯੋਗਪਤੀਆਂ ਨੂੰਯਾਦਗਾਰੀ ਤਜਰਬਾ ਹਾਸਲ ਹੋਵੇਗਾ
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਦਯੋਗਪਤੀਆਂ ਨੂੰ ਸੂਬੇ ਵਿੱਚ ਬਿਤਾਏ ਗਏ ਸਮੇਂ ਦਾ ਯਾਦਗਾਰੀ ਤਜਰਬਾ ਹਾਸਲ ਹੋਵੇਗਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਜਿਵੇਂ ਕਿ ਵਪਾਰ ਕਰਨ ਵਿੱਚ ਸੌਖ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਦੇ ਤਜਰਬੇ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਲਈ ਸੂਬੇ ਦੇ ਦੂਤ ਬਣਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਇਸ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਣਾ ਹੈ।
ਇਹ ਵੀ ਪੜ੍ਹੋ
ਮੁੱਖ ਮੰਤਰੀ ਨੇ ਸਮਾਗਮ ਦੀ ਸਫਲਤਾ ਲਈ ਵਧਾਈ ਦਿੱਤੀ
ਮੁੱਖ ਮੰਤਰੀ ਨੇ ਇਨਵੈਸਟ ਪੰਜਾਬ ਨੂੰ ਇਸ ਸਮਾਗਮ ਦੀ ਸਫਲਤਾ ਲਈ ਵਧਾਈ ਵੀ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸਮਾਗਮ ਨੂੰ ਵੱਡੀ ਪੱਧਰ ‘ਤੇ ਸਫ਼ਲ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਸਖ਼ਤ ਮਿਹਨਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਵਪਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਗਤੀ ਹੋਰ ਤੇਜ਼ ਕਰਨ ‘ਤੇ ਵੀ ਹੈ ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਸਥਾਪਿਤ ਕੀਤੇ ਜਾ ਰਹੇ 117 ਸਕੂਲ ਆਫ਼ ਐਮੀਨੈਂਸ
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ਜਾ ਰਹੇ 117 ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਤਿਆਰ ਕਰਨਗੇ। ਇਸ ਤੋਂ ਪਹਿਲਾਂ ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਆਪਣੇ ਸੰਬੋਧਨ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। ਵਿਕਰਮਜੀਤ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਸੂਬੇ ਨੂੰ ਪ੍ਰਗਤੀਸ਼ੀਲ ਪੰਜਾਬ ਬਣਾਉਣ ਦੀ ਦੂਰਅੰਦੇਸ਼ ਪਹੁੰਚ ਅਤੇ ਲਗਨ ਹੈ।