ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਕਦੋਂ ਤੱਕ ਬੰਦ ਰਹਿਣਗੇ ਸਕੂਲ, ਪੜ੍ਹੋ
Winter Vacation in Punjab Schools: ਪੰਜਾਬ ਸਰਕਾਰ ਵੱਲੋਂ ਨੋਟਿਫਿਕੇਸ਼ਨ ਜਾਰੀ ਕਰਕੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ। ਇਸ ਵਾਰ ਪਹਿਲਾਂ ਹੜ੍ਹਾਂ ਅਤੇ ਫੇਰ ਪ੍ਰਦੂਸ਼ਣ ਦਾ ਪੱਧਰ ਵੱਧਣ ਕਰਕੇ ਵੀ ਸੂਬੇ ਦੇ ਸਕੂਲਾਂ ਵਿੱਚ ਛੁੱਟੀਆਂ ਕਰਨੀਆਂ ਪਈਆਂ ਸਨ। ਹੁਣ ਵੱਡੇ ਦਿਨਾਂ ਦੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ 2023 ਤੋਂ 31 ਦਸੰਬਰ 2023 ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸਕੂਲ ਨਹੀਂ ਖੁੱਲ੍ਹੇਗਾ। ਸਿੱਖਿਆ ਵਿਭਾਗ ਨੇ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਆਪਣੇ ਅਧਿਕਾਰੀਆਂ ਦੀ ਡਿਊਟੀ ਵੀ ਲਗਾ ਦਿੱਤੀ ਹੈ ਤਾਂ ਜੋ ਕਿਸੇ ਵੀ ਪ੍ਰਾਈਵੇਟ ਸਕੂਲ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਨਾ ਕੀਤੀ ਜਾ ਸਕੇ।