Sri Guru Gobind Singh Birth Anniversary: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

Updated On: 

26 Dec 2025 20:17 PM IST

Sri Guru Gobind Singh Birth Anniversary: ਨਗਰ ਕੀਰਤਨ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਾਗ ਲਿਆ। ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਆਤਮਕ ਮਾਹੌਲ ਬਣਾਇਆ ਗਿਆ ਅਤੇ ਥਾਂ-ਥਾਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਪ੍ਰਗਟਾਈ ਗਈ। ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਰਵੀਂ ਹਾਜ਼ਰੀ ਭਰੀ।

Sri Guru Gobind Singh Birth Anniversary: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
Follow Us On

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਅਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ ਗਈ। ਇਸ ਮੌਕੇ ਮੈਨੇਜਰ ਦਰਬਾਰ ਸਾਹਿਬ ਅਤੇ ਐਸਜੀਪੀਸੀ ਮੈਂਬਰ ਵੀ ਹਾਜ਼ਰ ਰਹੇ।

ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਨਗਰ ਕੀਰਤਨ ਵਿੱਚ ਸ਼ਾਮਿਲ

ਨਗਰ ਕੀਰਤਨ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਾਗ ਲਿਆ। ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਆਤਮਕ ਮਾਹੌਲ ਬਣਾਇਆ ਗਿਆ ਅਤੇ ਥਾਂ-ਥਾਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਪ੍ਰਗਟਾਈ ਗਈ। ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਰਵੀਂ ਹਾਜ਼ਰੀ ਭਰੀ। ਬੈਂਡ ਵੱਲੋਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਦੇ ਨਾਲ ਹੀ ਗਤਕਾ ਅਖਾੜਿਆਂ ਵੱਲੋਂ ਸਿੱਖ ਜੰਗਜੂ ਕਲਾ ਗਤਕੇ ਦੇ ਜ਼ੌਹਰ ਵਿਖਾ ਕੇ ਨਗਰ ਕੀਰਤਨ ਵਿੱਚ ਖ਼ਾਲਸਈ ਰੰਗ ਬੰਨ੍ਹਿਆ ਗਿਆ।

ਸੇਵਾ ਤੇ ਸਜਾਵਟ ਨਾਲ ਸ਼ਰਧਾ ਦਾ ਪ੍ਰਗਟਾਵਾ

ਨਗਰ ਕੀਰਤਨ ਦੇ ਰਸਤੇ ਨੂੰ ਸੁੰਦਰ ਲੜੀਆਂ ਨਾਲ ਸਜਾਇਆ ਗਿਆ ਸੀ। ਸੰਗਤਾਂ ਵੱਲੋਂ ਚਾਹ-ਪਾਣੀ, ਫਲ-ਫਰੂਟ ਅਤੇ ਹੋਰ ਲੰਗਰ ਸੇਵਾਵਾਂ ਕਰਕੇ ਗੁਰੂ ਘਰ ਨਾਲ ਆਪਣੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਸੰਪੰਨ ਹੋਵੇਗਾ। ਪੂਰੇ ਨਗਰ ਕੀਰਤਨ ਦੌਰਾਨ ਧਾਰਮਿਕ, ਆਤਮਕ ਅਤੇ ਸ਼ਾਂਤੀਪੂਰਨ ਮਾਹੌਲ ਬਣਿਆ ਰਿਹਾ।