ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਪ੍ਰਧਾਨ, ਸਰਬ ਸੰਮਤੀ ਨਾਲ ਲਿਆ ਗਿਆ ਫੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਚੋਣ ਤੋਂ ਪਹਿਲਾਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸਜੀਪੀਸੀ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਏ ਲਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਧਾਮੀ ਲਗਾਤਾਰ ਛੇਵੀਂ ਵਾਰ ਇਸ ਅਹਿਮ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ। ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਏ ਚੋਣ ਇਜਲਾਸ ਦੌਰਾਨ ਉਨ੍ਹਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
ਇਸ ਦੇ ਨਾਲ ਹੀ ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਕਾਰਜਕਾਰਨੀ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਕੀਤੀ ਗਈ, ਜਿਨ੍ਹਾਂ ‘ਚ ਦੋ ਮਹਿਲਾ ਮੈਂਬਰ ਸ਼ਾਮਲ ਹਨ। ਐਸਜੀਪੀਸੀ ਦੇ ਕੁੱਲ 190 ਮੈਂਬਰੀ ਹਾਊਸ ‘ਚੋਂ ਇਸ ਵਾਰ ਸਿਰਫ਼ 138 ਮੈਂਬਰਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਸੀ। ਪੰਜ ਸਿੰਘ ਸਾਹਿਬਾਨ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਸੀ। ਇਸ ਤੋਂ ਇਲਾਵਾ 39 ਮੈਂਬਰਾਂ ਦੀ ਮੌਤ, ਪੰਜ ਦੇ ਅਸਤੀਫ਼ੇ ਤੇ ਤਿੰਨ ਮੈਂਬਰਾਂ ‘ਤੇ ਇਜਲਾਸ ‘ਚ ਸ਼ਾਮਲ ਹੋਣ ਦੀ ਰੋਕ ਕਾਰਨ 47 ਮੈਂਬਰ ਚੋਣ ਪ੍ਰਕਿਰਿਆ ਤੋਂ ਬਾਹਰ ਰਹੇ।
ਚੋਣ ਤੋਂ ਪਹਿਲਾਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸਜੀਪੀਸੀ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਏ ਲਈ ਸੀ।ਜ਼ਿਕਰਯੋਗ ਹੈ ਕਿ ਚੋਣ ਤੋਂ ਪਹਿਲਾਂ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਬਸੰਮਤੀ ਨਾਲ ਨਵੀਂ ਟੀਮ ਚੁਣੇ ਜਾਣ ਦਾ ਭਰੋਸਾ ਜਤਾਇਆ ਜਾ ਰਿਹਾ ਸੀ। ਐਸਜੀਪੀਸੀ ਮੈਂਬਰ ਗੁਰਬਖ਼ਸ਼ ਸਿੰਘ ਨੇ ਕਿਹਾ ਸੀ ਕਿ ਪ੍ਰਧਾਨ ਦੀ ਚੋਣ 1920 ਤੋਂ ਚੱਲੀ ਆ ਰਹੀ ਰਵਾਇਤ ਤੇ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਹੋਵੇਗੀ।
ਧਾਮੀ ਦੇ ਪਿਛਲੇ ਕਾਰਜਕਾਲ ਦੀ ਕਈ ਐਸਜੀਪੀਸੀ ਮੈਂਬਰਾਂ ਵੱਲੋਂ ਸ਼ਲਾਘਾ ਕੀਤੀ ਗਈ ਸੀ। ਮੈਂਬਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਸੰਸਥਾ ਦੀ ਖ਼ੁਦਮੁਖ਼ਤਿਆਰੀ ਤੇ ਪੰਥਕ ਮਸਲਿਆਂ ਨੂੰ ਪਹਿਲ ਦੇਣ ਲਈ ਕੰਮ ਕੀਤਾ ਹੈ। ਹੁਣ ਮੁੜ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਗਲੇ ਸਾਲ ਲਈ ਐਸਜੀਪੀਸੀ ਦੇ ਪ੍ਰਬੰਧ ਤੇ ਗੁਰਧਾਮਾਂ ਦੀ ਸੇਵਾ ਦੀ ਜ਼ਿੰਮੇਵਾਰੀ ਨਿਭਾਉਣਗੇ।