ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨਾਂ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Published: 

23 Nov 2026 18:32 PM IST

Guru Nanak Dev Ji Prakash Purab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਰਾਗੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਦੌਰਾਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਮਨੁੱਖਤਾ, ਬਰਾਬਰੀ ਅਤੇ ਸੱਚ ਦੇ ਸੰਦੇਸ਼ ਨੂੰ ਵੀ ਯਾਦ ਕੀਤਾ ਗਿਆ।

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨਾਂ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਗੁਰੂ ਕਾ ਬਾਗ ਤੋਂ ਆਰੰਭ ਹੋਇਆ ਅਤੇ ਤਖ਼ਤ ਪਟਨਾ ਸਾਹਿਬ ਪਹੁੰਚ ਕੇ ਸੰਪੰਨ ਹੋਇਆ। ਇੱਥੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਪੰਜ ਪਿਆਰੇ ਸਾਹਿਬਾਨ ਅਤੇ ਸੰਗਤ ਦਾ ਸ਼ਾਨਦਾਰ ਸਵਾਗਤ ਕੀਤਾ।

ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਜਾਏ ਗਏ ਧਾਰਮਿਕ ਦੀਵਾਨ

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਦੀਵਾਨ ਸਜਾਏ ਗਏ। ਇੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਨਿਸ਼ਾਨ ਸਿੰਘ ਜੀ ਧੁਬਾਲ ਦੇ ਕਵੀਸ਼ਰੀ ਜਥੇ ਨੇ ਸੰਗਤ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਤਖ਼ਤ ਸਾਹਿਬ ਦੇ ਹਜ਼ੂਰੀ ਕਥਾਵਾਚਕ ਗਿਆਨੀ ਦਲਜੀਤ ਸਿੰਘ ਜੀ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸ ਬਾਰੇ ਕਥਾ ਕੀਤੀ।

ਗੁਰਬਾਣੀ ਕੀਰਤਨ ਉਪਰੰਤ ਅਰਦਾਸ ਨਾਲ ਸੰਪੰਨ ਹੋਇਆ ਦੀਵਾਨ

ਇਸ ਉਪਰੰਤ ਭਾਈ ਗੁਰਦੀਪ ਸਿੰਘ ਜੀ ਦਾ ਰਾਗੀ ਜਥਾ ਜਮਸ਼ੇਦਪੁਰ, ਭਾਈ ਹਰਮੀਤ ਸਿੰਘ ਜੀ ਦਾ ਰਾਗੀ ਜਥਾ ਜਮਸ਼ੇਦਪੁਰ ਅਤੇ ਭਾਈ ਗੁਰਮੇਲ ਸਿੰਘ ਜੀ ਬਰਨਾਲਾ ਦੇ ਰਾਗੀ ਜਥੇ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ। ਇਸ ਤੋਂ ਬਾਅਦ ਜਥੇਦਾਰ ਸਿੰਘ ਸਾਹਿਬ ਭਾਈ ਬਲਦੇਵ ਸਿੰਘ ਜੀ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ। ਸਟੇਜ ਸਕੱਤਰ ਦੀ ਸੇਵਾ ਗਿਆਨੀ ਗਗਨਦੀਪ ਸਿੰਘ ਜੀ, ਹਜ਼ੂਰੀ ਕਥਾਵਾਚਕ ਨੇ ਨਿਭਾਈ। ਦੀਵਾਨ ਵਿੱਚ ਜਨਰਲ ਸਕੱਤਰ ਇੰਦਰਜੀਤ ਸਿੰਘ, ਸਕੱਤਰ ਹਰਬੰਸ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ ਤੇ ਹਰਪਾਲ ਸਿੰਘ ਜੌਹਲ ਨੇ ਹਾਜ਼ਰੀ ਭਰ ਕੇ ਸੰਗਤ ਦੇ ਦਰਸ਼ਨ ਕੀਤੇ।

ਸਰਦਾਰ ਜਗਜੋ ਸਿੰਘ ਸੋਹੀ ਅਤੇ ਸਰਦਾਰ ਇੰਦਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਸਾਰਕ ਹਨੇਰੇ ਵਿੱਚ ਘਿਰੀ ਮਨੁੱਖਤਾ ਨੂੰ ਸੱਚ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੰਸਾਰ ਵਿੱਚ ਕਰਮ ਕਾਂਡ ਪ੍ਰਚਲਿਤ ਸਨ, ਉਸ ਸਮੇਂ ਗੁਰੂ ਸਾਹਿਬ ਨੇ ਇਨ੍ਹਾਂ ਦਿਖਾਵੇ ਦਾ ਖੰਡਨ ਕੀਤਾ ਅਤੇ ਸਾਰੇ ਸੰਸਾਰ ਨੂੰ ਇਹ ਸੰਦੇਸ਼ ਦਿੱਤਾ ਕਿ ਸਾਰਾ ਸੰਸਾਰ ਇੱਕ ਹੀ ਪ੍ਰਕਾਸ਼ ਨਾਲ ਜੁੜਿਆ ਹੋਇਆ ਹੈ ਅਤੇ ਸਾਰੀ ਸ੍ਰਿਸ਼ਟੀ ਇੱਕ ਹੀ ਪ੍ਰਕਾਸ਼ ਤੋਂ ਉਤਪੰਨ ਹੋਈ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਜਿੱਥੇ ਉਸ ਸਮੇਂ ਦੇ ਜ਼ਾਲਮ ਸ਼ਾਸਕ ਬਾਬਰ ਦੀ ਨਿੰਦਾ ਕੀਤੀ, ਉੱਥੇ ਹੀ ਔਰਤਾਂ ਦੇ ਸਨਮਾਨ ਅਤੇ ਬਰਾਬਰੀ ਦਾ ਸੰਦੇਸ਼ ਵੀ ਪੂਰੀ ਦੁਨੀਆ ਤੱਕ ਪਹੁੰਚਾਇਆ। ਗੁਰੂ ਸਾਹਿਬ ਨੇ ਸਪੱਸ਼ਟ ਕੀਤਾ ਕਿ ਜਿਸ ਇਸਤਰੀ ਨੇ ਰਾਜਿਆਂ ਅਤੇ ਸ਼ਾਸਕਾਂ ਨੂੰ ਜਨਮ ਦਿੱਤਾ ਹੈ, ਉਸ ਨੂੰ ਮਾੜਾ ਕਿਵੇਂ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰ ਰਹੀਆਂ ਹਨ ਅਤੇ ਸਮੁੱਚੀ ਮਨੁੱਖਤਾ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲ ਕੇ ਆਪਣਾ ਜੀਵਨ ਸਫ਼ਲ ਬਣਾ ਰਹੀ ਹੈ।

Loading...
Unable to load recommendations.
Follow Us