ਸ਼ਹੀਦੀ ਪੁਰਬ ਮੌਕੇ ਸਰਕਾਰੀ ਸਮਾਗਮਾਂ ਦੀ ਹੋਈ ਸ਼ੁਰੂਆਤ, ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਲੋਕਾਂ ਨੂੰ ਜ਼ੁਲਮ ਦਾ ਸਾਹਮਣਾ ਕਰਨ ਅਤੇ ਅਨਿਆਂ ਨਾਲ ਲੜਨ ਦੀ ਭਾਵਨਾ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ ਕੁਰਬਾਨੀ ਦੀ ਭਾਵਨਾ ਸਾਡੇ ਖੂਨ ਵਿੱਚ ਹੈ, ਅਤੇ ਪੰਜਾਬੀ ਆਪਣੀ ਮਹਾਨ ਵਿਰਾਸਤ 'ਤੇ ਮਾਣ ਕਰਦੇ ਹਨ।
ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੁੰਦੇ ਸਮੇਂ ਮੁੱਖ ਮੰਤਰੀ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਰਤਨ ਦਰਬਾਰ ਵਿੱਚ ਹਿੱਸਾ ਲਿਆ । ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ, ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਪੰਜਾਬ ਸਰਕਾਰ ਭਾਗਸ਼ਾਲੀ ਹੈ ਕਿ ਉਸਨੂੰ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੋਜਿਤ ਇਹ ਸਮਾਗਮ ਅੱਜ ਰਾਸ਼ਟਰੀ ਰਾਜਧਾਨੀ ਵਿੱਚ ਸ਼ੁਰੂ ਹੋਏ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁਗਲਾਂ ਨੇ ਹਿੰਦੂਆਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਦੀ ਯੋਜਨਾ ਬਣਾਈ ਸੀ, ਜਿਸ ਤੋਂ ਬਾਅਦ ਕਸ਼ਮੀਰੀ ਪੰਡਿਤ ਆਪਣੇ ਧਰਮ ਦੀ ਰੱਖਿਆ ਲਈ ਗੁਰੂ ਤੇਗ ਬਹਾਦਰ ਜੀ ਕੋਲ ਮਦਦ ਲਈ ਆਏ ਸਨ।
ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਕਈ ਪੇਸ਼ਕਸ਼ਾਂ ਦੇ ਬਾਵਜੂਦ, ਗੁਰੂ ਸਾਹਿਬ ਨੇ ਮੁਗਲ ਬਾਦਸ਼ਾਹ ਦੇ ਅੱਤਿਆਚਾਰਾਂ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ 1675 ਵਿੱਚ ਦਿੱਲੀ ਵਿੱਚ ਸ਼ਹੀਦ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੁਨੀਆ ਭਰ ਵਿੱਚ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਸ਼ਵ ਇਤਿਹਾਸ ਹਿੰਮਤ, ਕੁਰਬਾਨੀ ਅਤੇ ਸੇਵਾ ਦੀਆਂ ਮਹਾਨ ਘਟਨਾਵਾਂ ਨਾਲ ਭਰਿਆ ਹੋਇਆ ਹੈ, ਫਿਰ ਵੀ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੇ ਮਨੁੱਖੀ ਇਤਿਹਾਸ ਵਿੱਚ ਇੱਕ ਬੇਮਿਸਾਲ ਅਧਿਆਇ ਜੋੜਿਆ।
ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਮੁਗਲ ਸ਼ਾਸਕ ਦੀ ਸ਼ਕਤੀ ਅੱਗੇ ਝੁਕਣ ਦੀ ਬਜਾਏ, ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਜ਼ੁਲਮ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਪਹਿਲਾਂ, ਉਨ੍ਹਾਂ ਦੇ ਦਾਦਾ, ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਵੀ ਮੁਗਲ ਸ਼ਾਸਕਾਂ ਦੁਆਰਾ ਤਸੀਹੇ ਦਿੱਤੇ ਗਏ ਸਨ ਅਤੇ ਸ਼ਹੀਦ ਕੀਤਾ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਚ ਅਤੇ ਧਰਮ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੇ ਭਾਰਤੀ ਇਤਿਹਾਸ ਦਾ ਰੁਖ਼ ਬਦਲ ਦਿੱਤਾ।
ਇਹ ਵੀ ਪੜ੍ਹੋ
ਧਰਮ ਕਿਸੇ ਉੱਪਰ ਥੋਪਿਆ ਨਹੀਂ ਜਾ ਸਕਦਾ- ਕੇਜਰੀਵਾਲ
ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਮਹਾਨ ਆਤਮਾਵਾਂ ਦੀ ਸ਼ਹਾਦਤ ਦੁਨੀਆ ਨੂੰ ਇੱਕ ਨਵਾਂ ਰਸਤਾ ਦਿਖਾਉਂਦੀ ਹੈ ਅਤੇ ਸਮਾਜ ਅਤੇ ਭਾਈਚਾਰਿਆਂ ਦੀ ਵਿਲੱਖਣ ਪਛਾਣ ਨੂੰ ਮੁੜ ਆਕਾਰ ਦਿੰਦੇ ਹੋਏ ਮਹੱਤਵਪੂਰਨ ਬਦਲਾਅ ਲਿਆਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪਣੀ ਸ਼ਹਾਦਤ ਰਾਹੀਂ ਗੁਰੂ ਸਾਹਿਬ ਨੇ ਸ਼ਾਸਕਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਧਰਮ ਕਿਸੇ ‘ਤੇ ਨਹੀਂ ਥੋਪਿਆ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖਾਂ ਵਿੱਚ ਨਿਡਰਤਾ, ਹਿੰਮਤ, ਸਵੈ-ਮਾਣ ਅਤੇ ਦੱਬੇ-ਕੁਚਲੇ ਲੋਕਾਂ ਦੇ ਰਖਵਾਲੇ ਅਤੇ ਮਨੁੱਖਤਾ ਦੇ ਚੈਂਪੀਅਨ ਬਣਨ ਦੀ ਇੱਛਾ ਦੀ ਇੱਕ ਨਵੀਂ ਭਾਵਨਾ ਪੈਦਾ ਕੀਤੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਰੀ ਮਨੁੱਖਤਾ ਨੂੰ ਸਵੈ-ਮਾਣ ਨਾਲ ਜਿਉਣ ਦਾ ਰਸਤਾ ਦਿਖਾਇਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਕ ਵਿੱਚ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਪਹਿਲਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਈ ਮਤੀ ਦਾਸ ਜੀ ਨੂੰ ਜ਼ਿੰਦਾ ਆਰਾ ਮਾਰਿਆ ਗਿਆ ਸੀ, ਭਾਈ ਸਤੀ ਦਾਸ ਜੀ ਨੂੰ ਰੁਮਾਲ ਵਿੱਚ ਲਪੇਟ ਕੇ ਸਾੜ ਦਿੱਤਾ ਗਿਆ ਸੀ, ਜਦੋਂ ਕਿ ਭਾਈ ਦਿਆਲਾ ਜੀ ਨੂੰ ਪਾਣੀ ਵਿੱਚ ਉਬਾਲ ਕੇ ਸ਼ਹੀਦ ਕੀਤਾ ਗਿਆ ਸੀ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਸਜਾਏ ਗਏ ਵਿਸ਼ਾਲ ਕੀਰਤਨ ਦਰਬਾਰ ‘ਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਸ਼ਾਮਲ ਹੋ ਕੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮੱਥਾ ਟੇਕਿਆ ਤੇ ਰੂਹਾਨੀ ਕੀਰਤਨ ਸਰਵਨ ਕੀਤਾ।
ਗੁਰੂ ਸਾਹਿਬ ਜੀ ਦਾ ਸਮੁੱਚਾ ਜੀਵਨ ਅਤੇ ਸਿੱਖਿਆਵਾਂ ਸਾਰੀ pic.twitter.com/Jh5P58OBXW — Bhagwant Mann (@BhagwantMann) October 25, 2025
ਉਨ੍ਹਾਂ ਕਿਹਾ ਕਿ ਇਸ ਮੌਕੇ ਸੰਗਤ ਗੁਰੂਘਰ ਦੇ ਇੱਕ ਪੱਕੇ ਸ਼ਰਧਾਲੂ ਭਾਈ ਜੈਤਾ ਜੀ ਨੂੰ ਵੀ ਸ਼ਰਧਾਂਜਲੀ ਦਿੰਦੀ ਹੈ, ਜਿਨ੍ਹਾਂ ਨੇ ਮੁਗਲ ਸ਼ਾਸਨ ਦੇ ਦਮਨਕਾਰੀ ਵਿਵਹਾਰ ਦੇ ਬਾਵਜੂਦ, ਦਿੱਲੀ ਦੇ ਚਾਂਦਨੀ ਚੌਕ ਤੋਂ ਗੁਰੂ ਸਾਹਿਬ ਦਾ ਸੀਸ ਸ੍ਰੀ ਕੀਰਤਪੁਰ ਸਾਹਿਬ ਲਿਆਂਦਾ ਸੀ। ਭਾਈ ਲੱਖੀ ਸ਼ਾਹ ਵਣਜਾਰਾ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੇ ਸਰੀਰ ਨੂੰ ਸੁਰੱਖਿਅਤ ਰੱਖਣ ਲਈ ਆਪਣੀ ਜਾਨ ਜੋਖਮ ਵਿੱਚ ਪਾਈ ਅਤੇ ਉਨ੍ਹਾਂ ਦੇ ਘਰ ਵਿੱਚ ਅੰਤਿਮ ਸੰਸਕਾਰ ਕੀਤੇ।
ਗੁਰਦੁਆਰਾ ਰਕਾਬ ਗੰਜ ਸਾਹਿਬ ਹੁਣ ਇਸ ਸਥਾਨ ਨੂੰ ਸ਼ਿੰਗਾਰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ, ਕਿਉਂਕਿ ਸ਼ਹਾਦਤ ਸਿੱਖ ਧਰਮ ਵਿੱਚ ਸਭ ਤੋਂ ਉੱਚਾ ਸਥਾਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਹੀਦਾਂ ਨੇ ਕਦੇ ਵੀ ਜ਼ੁਲਮ ਜਾਂ ਬੇਇਨਸਾਫ਼ੀ ਅੱਗੇ ਨਹੀਂ ਝੁਕਿਆ; ਉਨ੍ਹਾਂ ਨੇ ਆਪਣੀਆਂ ਜਾਨਾਂ ਦਿੱਤੀਆਂ ਪਰ ਕਦੇ ਵੀ ਆਪਣੇ ਸਿੱਖ ਸਿਧਾਂਤਾਂ ਨੂੰ ਨਹੀਂ ਤਿਆਗਿਆ।
ਮੁੱਖ ਮੰਤਰੀ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਿਰਫ਼ ਉਨ੍ਹਾਂ ਦੇ ਆਪਣੇ ਹਿੱਤ ਲਈ ਨਹੀਂ ਸਨ, ਸਗੋਂ ਮਨੁੱਖਤਾ ਦੀ ਭਲਾਈ, ਸੱਚ ਅਤੇ ਨਿਆਂ ਲਈ ਸਨ। ਉਨ੍ਹਾਂ ਅੱਗੇ ਕਿਹਾ ਕਿ ਖਾਲਸਾ ਪੰਥ ਦੀ ਸਥਾਪਨਾ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ ਹੋਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਖ਼ਾਤਰ ਆਪਣੇ ਪੂਰੇ ਪਰਿਵਾਰ ਦੀ ਕੁਰਬਾਨੀ ਦਿੱਤੀ, ਜੋ ਕਿ ਵਿਸ਼ਵ ਇਤਿਹਾਸ ਵਿੱਚ ਇੱਕ ਵਿਲੱਖਣ ਉਦਾਹਰਣ ਹੈ।
ਜੁਲਮ ਖਿਲਾਫ ਲੜਣਾ ਸਾਡੇ ਖੂਨ ਵਿੱਚ ਹੈ-ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਲੋਕਾਂ ਨੂੰ ਜ਼ੁਲਮ ਦਾ ਸਾਹਮਣਾ ਕਰਨ ਅਤੇ ਅਨਿਆਂ ਨਾਲ ਲੜਨ ਦੀ ਭਾਵਨਾ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ ਕੁਰਬਾਨੀ ਦੀ ਭਾਵਨਾ ਸਾਡੇ ਖੂਨ ਵਿੱਚ ਹੈ, ਅਤੇ ਪੰਜਾਬੀ ਆਪਣੀ ਮਹਾਨ ਵਿਰਾਸਤ ‘ਤੇ ਮਾਣ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਹਾਨ ਅਤੇ ਪਵਿੱਤਰ ਦਿਹਾੜੇ ਨੂੰ ਮਨਾਉਣ ਦਾ ਉਦੇਸ਼ ਨੌਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਸ਼ਨ ਅਤੇ ਸਿੱਖਿਆਵਾਂ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਹੈ, ਤਾਂ ਜੋ ਸ਼ਾਂਤੀ, ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਆਦਰਸ਼ਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ, ਜਿਸ ਲਈ ਉਨ੍ਹਾਂ ਨੇ ਆਪਣਾ ਜੀਵਨ ਕੁਰਬਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਜੋ ਭਾਈਚਾਰੇ ਆਪਣੀ ਸ਼ਾਨਦਾਰ ਵਿਰਾਸਤ ਨੂੰ ਭੁੱਲ ਜਾਂਦੇ ਹਨ, ਉਹ ਇਤਿਹਾਸ ਦੇ ਪੰਨਿਆਂ ਤੋਂ ਜਲਦੀ ਹੀ ਮਿਟਾ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੋ ਭਾਈਚਾਰੇ ਆਪਣੇ ਪਿਛੋਕੜ ਤੋਂ ਪ੍ਰੇਰਨਾ ਲੈਂਦੇ ਹਨ ਅਤੇ ਸ਼ਹਾਦਤ ਦੇ ਮਾਰਗ ‘ਤੇ ਚੱਲਦੇ ਹਨ, ਉਨ੍ਹਾਂ ਨੂੰ ਹਨੇਰੇ ਵਿੱਚ ਵੀ ਉਮੀਦ ਦੀ ਕਿਰਨ ਮਿਲਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਏਕਤਾ ਅਤੇ ਧਰਮ ਨਿਰਪੱਖਤਾ ਦੇ ਸਮਰਥਕ ਸਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਰੌਸ਼ਨੀ ਦੀ ਕਿਰਨ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਵੱਖ-ਵੱਖ ਰਾਜਾਂ ਵਿੱਚ ਸਮਾਗਮਾਂ ਦਾ ਆਯੋਜਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਹੋ ਰਹੇ ਹਨ, ਅਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਇੱਕ ਵਿਸ਼ਾਲ ਕੀਰਤਨ ਦਰਬਾਰ ਆਯੋਜਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਦਰਸ਼ਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ।
25 ਨਵੰਬਰ ਤੱਕ ਚੱਲਣਗੇ ਸਮਾਗਮ
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਚਰਨਾਂ ਦੀ ਛੂਹ ਵਾਲੇ ਪਵਿੱਤਰ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ। 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿੱਚ ਇੱਕ ਕੀਰਤਨ ਦਰਬਾਰ ਹੋਵੇਗਾ, ਜਿਸ ਤੋਂ ਬਾਅਦ 19 ਨਵੰਬਰ ਨੂੰ ਇੱਕ ਨਗਰ ਕੀਰਤਨ ਹੋਵੇਗਾ, ਜਿਸ ਵਿੱਚ ਸੈਂਕੜੇ ਕਸ਼ਮੀਰੀ ਪੰਡਿਤ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਚਾਰ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 25 ਨਵੰਬਰ ਤੱਕ ਵੱਡੇ ਪੱਧਰ ‘ਤੇ ਸਮਾਗਮ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਲਈ ਇੱਕ ਟੈਂਟ ਸਿਟੀ, ਜਿਸਨੂੰ “ਚੱਕ ਨਾਨਕੀ” ਕਿਹਾ ਜਾਂਦਾ ਹੈ, ਬਣਾਈ ਜਾਵੇਗੀ। ਇੱਕ ਅੰਤਰ-ਧਰਮ ਕਾਨਫਰੰਸ ਵੀ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਹੋਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਸਾਹਿਬ ਦੇ ਜੀਵਨ, ਦਰਸ਼ਨ ਅਤੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਕੁਰਬਾਨੀ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ.ਟੀ.ਓ., ਤਰੁਣਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ, ਮਹਿੰਦਰ ਭਗਤ, ਬਰਿੰਦਰ ਗੋਇਲ, ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਸਭਾ ਮੈਂਬਰ ਰਾਜਜੀਤ ਸਿੰਘ ਕੰਗ, ਰਾਜਜੀਤ ਸਿੰਘ ਆਦਿ ਹਾਜ਼ਰ ਸਨ।
