Hukamnama Sri Darbar Sahib 1 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2026

Updated On: 

01 Nov 2026 06:27 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 1 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਪਦ ਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧। ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨।ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩।ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾc ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Loading...
Unable to load recommendations.
Follow Us