Hukamnama Sri Darbar Sahib 1 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਅਪ੍ਰੈਲ 2026

Published: 

01 Apr 2026 06:37 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 1 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਅਪ੍ਰੈਲ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਅਪ੍ਰੈਲ 2026

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਪਦ ਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! -ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us