Hukamnama Sri Darbar Sahib 18th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਜਨਵਰੀ 2026

Updated On: 

18 Jan 2026 06:27 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 18th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਜਨਵਰੀ 2026
Follow Us On

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}।ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨। ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ ‘ਬੰਦ’ ਵਿਚ ਤਿੰਨ ਤਿੰਨ ਤੁਕਾਂ ਹਨ)

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!