Hukamnama Sri Darbar Sahib 19h February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਫਰਵਰੀ 2026

Published: 

19 Feb 2026 06:38 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 19h February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਫਰਵਰੀ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਫਰਵਰੀ 2026

Follow Us On

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮ: ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

ਪਦ ਅਰਥ : ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ। ਰੈਣਿ = ਰਾਤ। ਉਰਿ = ਹਿਰਦੇ ਵਿਚ। ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ।੧।

ਅਰਥ : ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾ: ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!