Hukamnama Sri Darbar Sahib 22 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 March 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
Hukamnama Sri Darbar Sahib 22 March 2026
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥
ਇਹ ਵੀ ਪੜ੍ਹੋ
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
