Hukamnama Sri Darbar Sahib 23 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਜੂਨ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ ਵਿੱਚ ਸ਼ੇਖ ਫਰੀਦ ਜੀ ਦੀ ਬਾਣੀ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ। ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ ॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ। ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ ॥੧॥ ਰਹਾਉ॥ (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ॥੨॥
ਇਹ ਵੀ ਪੜ੍ਹੋ
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
