Hukamnama Sri Darbar Sahib 25 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਨਵੰਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਨਵੰਬਰ 2026
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥
ਪਦ ਅਰਥ: ਐ ਜੀ—ਹੇ ਭਾਈ! ਉਤਮ—ਉੱਚੀ ਜਾਤਿ ਦੇ। ਨੀਚ—ਨੀਵੀਂ ਜਾਤਿ ਦੇ। ਮਧਿਮ—ਵਿਚਕਾਰਲੀ ਜਾਤਿ ਦੇ। ਹਰਿ ਸਰਣਾਗਤਿ—ਹਰੀ ਦੀ ਸਰਨ ਆਏ ਹੋਏ। ਹਰਿ ਕੇ ਲੋਗ—ਪਰਮਾਤਮਾ ਦੇ ਭਗਤ। ਰਤੇ—ਰੰਗੇ ਹੋਏ। ਬੈਰਾਗੀ—ਨਿਰਮੋਹ। ਸੋਗ—ਚਿੰਤਾ। ਬਿਜੋਗ—ਵਿਛੋੜਾ। ਬਿਸਰਜਿਤ—ਵਿਸਾਰੇ ਹੋਏ।੧। ਤੇ—ਤੋਂ, ਨਾਲ। ਵਾਕਿ—ਵਾਕ ਦੀ ਰਾਹੀਂ, ਸ਼ਬਦ ਦੀ ਰਾਹੀਂ। ਕਾਣਿ—ਮੁਥਾਜੀ। ਜਮ ਕੀ ਬਾਕੀ—ਅਜੇਹਾ ਬਾਕੀ ਲੇਖਾ ਜਿਸ ਕਰਕੇ ਜਮਰਾਜ ਦਾ ਜ਼ੋਰ ਪੈ ਸਕੇ।੧।ਰਹਾਉ।
ਅਰਥ: ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਹ ਇਹ ਮਾਣ ਹੁੰਦਾ ਹੈ ਕਿ ਅਸੀ ਸਭ ਤੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਹ ਇਹ ਸਹਮ ਹੁੰਦਾ ਹੈ ਕਿ ਅਸੀ ਨੀਵੀਂ ਜਾਤਿ ਦੇ ਹਾਂ। ਸਿਰਫ਼ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਊਚਤਾ ਨੀਚਤਾ ਆਦਿਕ ਵਲੋਂ) ਨਿਰਮੋਹ ਰਹਿੰਦੇ ਹਨ। ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭੁਲਾ ਚੁਕੇ ਹੁੰਦੇ ਹਨ।੧। ਹੇ ਭਾਈ! ਪਰਮਾਤਮਾ ਦੀ ਭਗਤੀ ਗੁਰੂ ਦੀ ਮੇਹਰ ਨਾਲ ਹੀ ਹੋ ਸਕਦੀ ਹੈ। ਜਿਸ ਮਨੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਪਵਿਤ੍ਰ ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਥਾਜੀ ਨਹੀਂ ਰਹਿੰਦੀ, ਉਸ ਦੇ ਜ਼ਿੰਮੇ ਪਿਛਲੇ ਕੀਤੇ ਕਰਮਾਂ ਦਾ ਕੋਈ ਅਜੇਹਾ ਬਾਕੀ ਲੇਖਾ ਨਹੀਂ ਰਹਿ ਜਾਂਦਾ ਜਿਸ ਕਰਕੇ ਜਮਰਾਜ ਦਾ ਉਸ ਉਤੇ ਜ਼ੋਰ ਪੈ ਸਕੇ।੧।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
