Hukamnama Sri Darbar Sahib 7 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਅਪ੍ਰੈਲ 2026

Updated On: 

07 Apr 2026 07:26 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 7 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਅਪ੍ਰੈਲ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਅਪ੍ਰੈਲ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।

ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।

ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

ਸ਼ਬਦ ਦਾ ਭਾਵ: ਪਰਮਾਤਮਾ ਦਾ ਭਜਨ ਹੀ ਮਨੁੱਖ ਦੇ ਕਰਨ-ਜੋਗ ਕੰਮ ਹੈ। ਇਹੀ ਮੌਤ ਦੇ ਸਹਿਮ ਤੋਂ ਬਚਾਂਦਾ ਹੈ। ਕਰਮ-ਕਾਂਡ, ਜੋਗ, ਤਪ ਆਦਿਕ ਸਿਮਰਨ ਦੇ ਟਾਕਰੇ ਤੇ ਤੁੱਛ ਹਨ।

ਵਾਹਿਗੁਰੂ ਜੀ ਕਾ ਖ਼ਾਲਸਾ ! ਵਾਹਿਗੁਰੂ ਜੀ ਕੀ ਫਤਿਹ!

Follow Us