328 ਪਵਿੱਤਰ ਸਰੂਪ ਮਾਮਲੇ ਵਿੱਚ ਸਰਕਾਰ ਨਾਲ ਸਹਿਯੋਗ ਕਰੇ ਸ਼੍ਰੋਮਣੀ ਕਮੇਟੀ,ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਹੁਕਮ
Jathedar on 328 Swaroop Case: ਜਥੇਦਾਰ ਗਿਆਨੀ ਗੜਗੰਜ ਨੇ ਕਿਹਾ ਕਿ ਰਿਪੋਰਟ ਵਿੱਚ ਕੁੱਲ 16 ਆਰੋਪੀਆਂ ਦੇ ਨਾਮ ਹਨ, ਜਿਨ੍ਹਾਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਭਾਗੀ ਕਾਰਵਾਈ ਪੂਰੀ ਕਰ ਲਈ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹਿਲਾਂ ਜਨਤਕ ਤੌਰ 'ਤੇ ਇਸ ਮਾਮਲੇ ਦੀ ਗੰਭੀਰਤਾ ਨੂੰ ਉਜਾਗਰ ਕਰ ਚੁੱਕੇ ਹਨ।
ਸਰਕਾਰ ਨਾਲ ਸਹਿਯੋਗ ਕਰੇ SGPC, ਜਥੇਦਾਰ ਦਾ ਹੁਕਮ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 328 ਪਵਿੱਤਰ ਸਵਰੂਪ ਮਾਮਲੇ ਸਬੰਧੀ ਇੱਕ ਮਹੱਤਵਪੂਰਨ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਸੰਗਠਨ ਨੂੰ ਇਸ ਗੰਭੀਰ ਮਾਮਲੇ ਤੋਂ ਰਾਜਨੀਤਿਕ ਲਾਭ ਨਹੀਂ ਲੈਣਾ ਚਾਹੀਦਾ।
ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਜਹਤ ਜੌਤੀ ਗੁਰੂ ਹਨ ਅਤੇ ਹਰ ਸਿੱਖ ਇਸ ਪ੍ਰਤੀ ਡੂੰਘੀ ਸ਼ਰਧਾ ਰੱਖਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 328 ਪਵਿੱਤਰ ਸਵਰੂਪ ਮਾਮਲੇ ਦੀ ਜਾਂਚ ਲਈ ਸ. ਈਸ਼ਰ ਸਿੰਘ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਪਹਿਲਾਂ ਹੀ ਬਣਾਇਆ ਜਾ ਚੁੱਕਾ ਹੈ। ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਕੁਝ ਭ੍ਰਿਸ਼ਟ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਸੰਗਤ ਦੇ ਬਕਾਇਆ ਫੰਡ ਟਰੱਸਟ ਫੰਡ ਵਿੱਚ ਜਮ੍ਹਾ ਨਹੀਂ ਕਰਵਾਏ ਸਨ ਅਤੇ ਬਿੱਲ ਵੀ ਨਹੀਂ ਕੱਟੇ।
ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਪੰਥ ਨੇ ਕਦੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਸਰਕਾਰੀ ਦਖਲਅੰਦਾਜ਼ੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਅੱਗੇ ਵੀ ਨਹੀਂ ਕਰੇਗਾ। ਮੌਜੂਦਾ ਸਥਿਤੀ ਵਿੱਚ, ਕਮੇਟੀ ਦੇ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਨੂੰ ਸਿਰਫ਼ ਸਰਕਾਰ ਨਾਲ ਸਹਿਯੋਗ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਚੇਤਾਵਨੀ
ਜਥੇਦਾਰ ਨੇ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਵਿਵਾਦਪੂਰਨ ਟਿੱਪਣੀਆਂ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ, ਸੰਗਠਨ ਜਾਂ ਰਾਜਨੀਤਿਕ ਸਮੂਹ ਨੂੰ ਆਰੋਪ ਲਗਾਇਣ ਜਾਂ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਅਜਿਹਾ ਕੀਤਾ ਜਾਂਦਾ ਹੈ, ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਨੋਟਿਸ ਲਵੇਗਾ।
ਸੰਗਤ ਨੂੰ ਸੁਨੇਹਾ
ਗਿਆਨੀ ਕੁਲਦੀਪ ਸਿੰਘ ਨੇ ਸੰਗਤ ਨੂੰ ਸਬਰ ਰੱਖਣ ਅਤੇ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨਸਾਫ਼ ਨੂੰ ਯਕੀਨੀ ਬਣਾਉਣ ਅਤੇ ਪੰਥ ਦੇ ਹਿੱਤਾਂ ਦੀ ਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ।
