ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ, ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਦਿੱਤੀ ਵਧਾਈ

Updated On: 

30 Jun 2026 11:55 AM IST

ਜਥੇਦਾਰ ਗੜਗੱਜ ਨੇ ਦੱਸਿਆ ਕਿ ਜਦੋਂ ਗੁਰੂ ਅਰਜਨ ਦੇਵ ਜੀ ਮਹਾਰਾਜ ਲਾਹੌਰ ਵਿਖੇ ਸ਼ਹੀਦੀ ਲਈ ਰਵਾਨਾ ਹੋਏ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਗੱਦੀ ਬਖ਼ਸ਼ੀ। ਗੁਰਗੱਦੀ ਸੰਭਾਲਣ ਤੋਂ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਸੰਸਾਰ ਨੂੰ ਇਹ ਸੰਦੇਸ਼ ਦਿੱਤਾ ਕਿ ਧਰਮ ਤੇ ਰਾਜਨੀਤਿਕ ਸ਼ਕਤੀ ਦਾ ਸੰਤੁਲਨ ਬਹੁਤ ਜ਼ਰੂਰੀ ਹੈ।

ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ, ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਦਿੱਤੀ ਵਧਾਈ

ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੇ ਖਾਲਸਾ ਪੰਥ ਨੂੰ ਲੱਖ-ਲੱਖ ਵਧਾਈਆਂ ਭੇਟ ਕੀਤੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਸੂਰਬੀਰਤਾ, ਧਰਮ, ਪਰਉਪਕਾਰ ਤੇ ਕੌਮ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮਾਤਾ ਗੰਗਾ ਜੀ ਦੀ ਪਵਿੱਤਰ ਕੁੱਖ ਤੋਂ ਗੁਰੂ ਕੀ ਵਡਾਲੀ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਘਰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸੀ। ਗੁਰੂ ਸਾਹਿਬ ਨੇ ਬਚਪਨ ਤੋਂ ਹੀ ਬਾਬਾ ਬੁੱਢਾ ਸਾਹਿਬ ਜੀ ਤੋਂ ਸ਼ਸਤਰ ਵਿਦਿਆ ਤੇ ਆਧਿਆਤਮਿਕ ਗਿਆਨ ਪ੍ਰਾਪਤ ਕੀਤਾ। ਗੁਰੂ ਅਰਜਨ ਦੇਵ ਜੀ ਦੀ ਹਜ਼ੂਰੀ ‘ਚ ਹੀ ਗੁਰੂ ਸਾਹਿਬ ਦੀ ਸੰਪੂਰਨ ਤਾਲੀਮ ਹੋਈ।

“ਧਰਮ ਤੇ ਰਾਜਨੀਤਿਕ ਸ਼ਕਤੀ ਦਾ ਸੰਤੁਲਨ”

ਜਥੇਦਾਰ ਗੜਗੱਜ ਨੇ ਦੱਸਿਆ ਕਿ ਜਦੋਂ ਗੁਰੂ ਅਰਜਨ ਦੇਵ ਜੀ ਮਹਾਰਾਜ ਲਾਹੌਰ ਵਿਖੇ ਸ਼ਹੀਦੀ ਲਈ ਰਵਾਨਾ ਹੋਏ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਗੱਦੀ ਬਖ਼ਸ਼ੀ। ਗੁਰਗੱਦੀ ਸੰਭਾਲਣ ਤੋਂ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਸੰਸਾਰ ਨੂੰ ਇਹ ਸੰਦੇਸ਼ ਦਿੱਤਾ ਕਿ ਧਰਮ ਤੇ ਰਾਜਨੀਤਿਕ ਸ਼ਕਤੀ ਦਾ ਸੰਤੁਲਨ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਇਕ ਮਜ਼ਬੂਤ ਕੇਂਦਰ ਪ੍ਰਦਾਨ ਕੀਤਾ। ਇਸ ਦੇ ਨਾਲ ਹੀ ਗੁਰੂ ਸਾਹਿਬ ਨੇ ਖਾਲਸਾ ਫੌਜ ਦੀ ਨੀਂਹ ਰੱਖੀ ਤੇ ਲੋਕਾਂ ਦੇ ਮਨਾਂ ‘ਚੋਂ ਗੁਲਾਮੀ ਦੀ ਭਾਵਨਾ ਨੂੰ ਖਤਮ ਕਰਨ ਲਈ ਹਰ ਸਿੱਖ ਨੂੰ ਸ਼ਸਤਰਧਾਰੀ ਤੇ ਸੂਰਬੀਰ ਬਣਨ ਦਾ ਸੰਦੇਸ਼ ਦਿੱਤਾ।

“ਅਕਾਲ ਤਖ਼ਤ ਸਾਹਿਬ ਦੀ ਤਾਬਿਆ ਰਹਿਣ ਦਾ ਹੁਕਮ”

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਦਿਆਂ ਹਮੇਸ਼ਾ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਰਹਿਣ ਦਾ ਹੁਕਮ ਦਿੱਤਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਧਰਮ, ਸੇਵਾ, ਸੂਰਬੀਰਤਾ ਤੇ ਏਕਤਾ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ।

ਜਥੇਦਾਰ ਗੜਗੱਜ ਨੇ ਅੰਤ ‘ਚ ਇੱਕ ਵਾਰ ਫਿਰ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਅਤੇ ਖਾਲਸਾ ਪੰਥ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

Follow Us