ਪਾਕਿਸਤਾਨ ਜਾਣ ਲਈ 1,763 ਸ਼ਰਧਾਲੂਆਂ ਨੂੰ ਮਿਲੇ ਵੀਜੇ, SGPC ਦਫਤਰ ਤੋਂ 10 ਅਪ੍ਰੈਲ ਨੂੰ ਹੋਵੇਗੀ ਰਵਾਨਗੀ
Pakistan Granted Visa to 1795 Persons: ਵਿਸਾਖੀ ਮੌਕੇ ਸ਼ਰਧਾਲੂ ਹਰ ਸਾਲ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ। ਖਾਲਸਾ ਸਾਜਨਾ ਦਿਵਸ ਮੌਕੇ ਇਨ੍ਹਾਂ ਗੁਰੂਧਾਮਾਂ ਵਿੱਚ ਵੱਡੇ-ਵੱਡੇ ਧਾਰਮਿਕ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸ ਸਾਲ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਇਨ੍ਹਾਂ ਗੁਰਦੁਆਰਿਆਂ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਹੈ।
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਪੁਰਾਣੀ ਤਸਵੀਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭੇਜੇ ਜਾ ਰਹੇ ਜਥੇ ਲਈ 1,763 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਸਾਲ 1,795 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1,763 ਨੂੰ ਵੀਜ਼ੇ ਮਿਲੇ, ਜਦੋਂ ਕਿ 32 ਸ਼ਰਧਾਲੂਆਂ ਨੂੰ ਕਿਸੇ ਨਾ ਕਿਸੇ ਆਧਾਰ ਤੇ ਵੀਜਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ।
ਇਹ ਜੱਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚਾਲੇ ਰਵਾਨਾ ਹੋਵੇਗਾ। ਇਹ ਸਮੂਹ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਵਿਖੇ ਮੁੱਖ ਖਾਲਸਾ ਸਾਜਨਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ। ਇਹ ਜਥਾ 19 ਅਪ੍ਰੈਲ ਨੂੰ ਦੇਸ਼ ਵਾਪਸ ਪਰਤੇਗਾ।
9 ਅਪ੍ਰੈਲ ਨੂੰ ਪਾਸਪੋਰਟ ਲੈ ਸਕਦੇ ਹਨ ਸ਼ਰਧਾਲੂ
ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਨੂੰ ਵੀਜ਼ਾ ਮਿਲ ਗਿਆ ਹੈ, ਉਹ 9 ਅਪ੍ਰੈਲ ਨੂੰ ਦਫ਼ਤਰ ਦੇ ਨਿਰਧਾਰਤ ਸਮੇਂ ਦੌਰਾਨ ਕਮੇਟੀ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ। ਵੀਜ਼ਾ ਨਾ ਮਿਲਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਸ ਪ੍ਰਕਾਰ ਹੈ – 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਅਤੇ 1786।
ਬਲਵਿੰਦਰ ਸਿੰਘ ਕਾਹਲਵਾਂ ਨੇ ਸਾਰੇ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਧਾਰਮਿਕ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
