Sri Guru Granth Sahib Ji ਦਾ ਪਹਿਲਾ ਪ੍ਰਕਾਸ਼ ਪੁਰਬ, ਜਾਣੋ ਅੱਜ ਦਾ ਇਤਿਹਾਸ, ਕਰੋ ਅਲੌਕਿਕ ਦਰਸ਼ਨ
Sri Guru Granth Sahib Ji: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਤੱਕ ਕੀਰਤਨ ਪਹੁੰਚਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਸਜਾਇਆ ਗਿਆ।
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੰਮ੍ਰਿਤਸਰ ਸ਼ਹਿਰ ਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ। ਸਦੀਆਂ ਤੋਂ ਚਲੀ ਆ ਰਹੀ ਰਵਾਇਤ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ।
ਪੰਜ ਪਿਆਰਿਆਂ ਦੀ ਅਗਵਾਈ ‘ਚ ਕੱਢਿਆ ਨਗਰ ਕੀਰਤਨ
ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸ਼ੁਰੂਆਤ ਹੋਈ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਅਤੇ ਰਣ ਸਿੰਘਿਆਂ ਦੀਆਂ ਧੁੰਨਾਂ ਨਾਲ ਗੂੰਜਦੇ ਸ਼ਹਿਰ ਵਿੱਚ ਕੀਰਤਨ ਰਾਮਸਰ ਰੋਡ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਤੋਂ ਹੁੰਦਾ ਹੋਇਆ ਦਰਬਾਰ ਸਾਹਿਬ ਪਹੁੰਚਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਸੀਨੀਅਰ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਜਲੋ ਸਾਹਿਬ ਵੀ ਸਜਾਏ ਗਏ ਜਿਨ੍ਹਾਂ ਦੇ ਦਰਸ਼ਨ ਕਰ ਸੰਗਤਾਂ ਨੇ ਆਪਣੇ ਆਪ ਨੂੰ ਧੰਨਿਆ ਮਹਿਸੂਸ ਕੀਤਾ।
ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਕਰਵਾਈਆ ਜਾਣੂ
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 1604 ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਕਰਵਾਇਆ ਅਤੇ ਬਾਬਾ ਬੁੱਢਾ ਜੀ ਨੇ ਇਸ ਪਾਵਨ ਸਰੂਪ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਦਿਨ ਸਿੱਖ ਇਤਿਹਾਸ ਦਾ ਸੁਭਾਗਾ ਦਿਨ ਹੈ। ਸਾਨੂੰ ਸਾਰਿਆਂ ਨੂੰ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਗੁਜ਼ਾਰਨਾ ਚਾਹੀਦਾ ਹੈ, ਉਨ੍ਹਾਂ ਨੇ ਸੰਗਤਾਂ ਨੂੰ ਸੰਦੇਸ਼ ਦਿੱਤਾ।
ਇਹ ਵੀ ਪੜ੍ਹੋ
1604 ਈਸਵੀ ਵਿੱਚ ਪੋਥੀ ਸਾਹਿਬ ਦੀ ਸੰਪਾਦਨਾ
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਰੀ ਬਾਣੀ ਨੂੰ ਇਸਦੇ ਸ਼ੁੱਧ ਰੂਪ ਵਿੱਚ ਰੱਖਣ ਅਤੇ ਲੋਕਾਂ ਦੀ ਭਲਾਈ ਲਈ ਇੱਕ ਮਹਾਨ ਫੈਸਲਾ ਲਿਆ। ਉਹ ਫੈਸਲਾ ਸੀ ਸਾਰੀ ਬਾਣੀ ਨੂੰ ਇੱਕ ਗ੍ਰੰਥ ਸਾਹਿਬ ਵਿੱਚ ਇਕੱਠਾ ਕਰਨਾ। ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੋਥੀ ਸਾਹਿਬ ਕਿਹਾ ਜਾਂਦਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਦੇ ਸਮੇਂ, ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਰਚਨਾ ‘ਜਪਜੀ ਸਾਹਿਬ’ ਨੂੰ ਸਥਾਨ ਦਿੱਤਾ।
ਇਸ ਮਹਾਨ ਕਾਰਜ ਲਈ, ਗੁਰੂ ਜੀ ਨੇ ਭਾਈ ਗੁਰਦਾਸ ਜੀ ਨੂੰ ਲੇਖਕ ਵਜੋਂ ਨਿਯੁਕਤ ਕੀਤਾ ਅਤੇ ਅੰਮ੍ਰਿਤਸਰ ਸਾਹਿਬ ਵਿੱਚ ਰਾਮਸਰ ਨਦੀ ਦੇ ਕੰਢੇ ਪੋਥੀ ਸਾਹਿਬ ਲਿਖਣ ਦਾ ਕੰਮ ਸ਼ੁਰੂ ਕੀਤਾ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਾਹਮਣੇ ਇਹ ਇੱਕ ਬਹੁਤ ਵੱਡਾ ਕੰਮ ਸੀ, ਜਿਸ ਵਿੱਚ ਉਨ੍ਹਾਂ ਨੂੰ ਸਾਰੀ ਬਾਣੀ ਨੂੰ ਛਾਂਟਣਾ ਸੀ ਅਤੇ ਸ਼ੁੱਧ ਬਾਣੀ ਦੀ ਚੋਣ ਕਰਨੀ ਸੀ ਅਤੇ ਸੰਤਾਂ ਅਤੇ ਮਹਾਂਪੁਰਖਾਂ ਦੀ ਬਾਣੀ ਨੂੰ ਉਨ੍ਹਾਂ ਦੇ ਸ਼ੁੱਧ ਰੂਪ ਵਿੱਚ ਇਕੱਠਾ ਕਰਨਾ ਸੀ। ਅੰਤ ਵਿੱਚ, ਕਈ ਮਹੀਨਿਆਂ ਦੀ ਮਿਹਨਤ ਤੋਂ ਬਾਅਦ, ਪੋਥੀ ਸਾਹਿਬ ਦੀ ਸੰਪਾਦਨਾ 1604 ਈਸਵੀ ਵਿੱਚ ਪੂਰੀ ਹੋਈ।
1430 ਅੰਗਾਂ ਵਿੱਚ ਦਰਜ ਹੈ ਬਾਣੀ
1604 ਈਸਵੀ ਵਿੱਚ ਅੱਜ ਦੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਇਆ ਸੀ। 1430 ਅੰਗਾਂ (ਪੰਨਿਆਂ) ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ‘ਤੇ, ਸੰਗਤ ਨੇ ਕੀਰਤਨ ਦੀਵਾਨ ਦਾ ਆਯੋਜਨ ਕੀਤਾ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਜਾਪ ਸ਼ੁਰੂ ਕੀਤਾ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਸਿੱਖ ਧਰਮ ਦੀ ਸੇਵਾ ਵਿੱਚ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਇਸ ਗ੍ਰੰਥ ਦੇ ਪਹਿਲੇ ਗ੍ਰੰਥੀ ਬਣੇ।
