Hola Mohalla: ਇਸ ਦਿਨ ਤੋਂ ਸ਼ੁਰੂ ਹੋਵੇਗਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ

Published: 

27 Feb 2023 15:26 PM

Religious News: ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757(1701 ਇਸਵੀ) ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਗੁਰੂ ਜੀ ਨੇ ਕਿਹਾ ਕਿ ਖਾਲਸਾ ਹੋਲੀ ਨਹੀਂ ਹੋਲਾ ਖੇਡਦਾ ਹੈ ।

Hola Mohalla: ਇਸ ਦਿਨ ਤੋਂ ਸ਼ੁਰੂ ਹੋਵੇਗਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ

ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ

Follow Us On

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਇਹ ਮੇਲਾ ਹਰ ਸਾਲ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਇਸ ਸਾਲ ਹੋਲਾ ਮਹੱਲਾ 3 ਮਾਰਚ ਤੋਂ ਸ੍ਰੀ ਕੀਰਤਪੁਰ ਸਾਹਿਬ ਅਤੇ 6 ਮਾਰਚ ਤੋਂ ਸ੍ਰੀ ਆਨੰਦਪੁਰ ਸਾਹਿਬ ਮਨਾਇਆ ਜਾਵੇਗਾ।

ਹੋਲੀ ਨਹੀਂ ਹੋਲਾ ਖੇਡਦਾ ਹੈ ਖਾਲਸਾ

ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਆਨੰਦਪੁਰ ਸਾਹਿਬ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।

ਇਸ ਲਈ ਗੁਰੂ ਜੀ ਨੇ ਤਿਉਹਾਰ ਨੂੰ ਸੂਰਮਤਾਈ ਨਾਲ ਜੋੜਿਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। । ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਹਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ।

ਗੁਰੂ ਜੀ ਨੇ ਲੋਕਾਂ ਦਾ ਮਨੋਬਲ ਉੱਚਾ ਕੀਤਾ

ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਇਸ ਤਰਾਂ ਹੋਲਾ ਮਹੱਲਾ ਦੇ ਨਾਲ ਲੋਕਾਂ ਅਤੇ ਗੁਰੂ ਜੀ ਦੀ ਫੋਜ ਵਿੱਚ ਵਿਸ਼ਵਾਸ਼ ਦਾ ਵਾਧਾ ਹੋਇਆ ਅਤੇ ਇੱਕ-ਇੱਕ ਸਿੱਖ ਨੇ ਦੁਸ਼ਮਨ ਦੇ ਕਈਂ-ਕਈਂ ਸੈਨਿਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਅੱਜ ਵੀ ਜਦੋਂ ਆਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਮਨਾਇਆ ਜਾਂਦਾ ਹੈ ਤਾਂ ਓਹੀ ਵੀਰਤਾ ਅਤੇ ਦਲੇਰੀ ਵੇਖੀ ਜਾ ਸਕਦੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ