ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਕਿੰਨਾ ਤਿਆਰ? 2030 ਦੇ ਆਯੋਜਨ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਦਾਅਵਾ
ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਸ਼ਾਨਦਾਰ ਅਤੇ ਸਫ਼ਲ ਸਮਾਪਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਸੂਬਾ ਹੁਣ ਸਾਲ 2030 ਵਿੱਚ ਹੋਣ ਵਾਲੇ ਪ੍ਰਸਿੱਧ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਸ਼ਾਨਦਾਰ ਅਤੇ ਸਫ਼ਲ ਸਮਾਪਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਸੂਬਾ ਹੁਣ ਸਾਲ 2030 ਵਿੱਚ ਹੋਣ ਵਾਲੇ ਪ੍ਰਸਿੱਧ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਨੇ ਇਸ ਵੱਕਾਰੀ ਕੌਮਾਂਤਰੀ ਟੂਰਨਾਮੈਂਟ ਦੇ ਕਾਮਯਾਬ ਆਯੋਜਨ ਲਈ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਹਾਕੀ ਨਾਲ ਪੰਜਾਬ ਦੀ ਸਾਂਝ ਬੇਹੱਦ ਗੂੜ੍ਹੀ ਤੇ ਅਟੁੱਟ ਹੈ। ਸੂਬੇ ਵੱਲੋਂ 77 ਓਲੰਪੀਅਨ ਅਤੇ 48 ਓਲੰਪਿਕ ਤਗ਼ਮਾ ਜੇਤੂ ਖਿਡਾਰੀ ਪੈਦਾ ਕਰਨ ਦਾ ਮਾਣਮੱਤਾ ਇਤਿਹਾਸ ਅਤੇ ਤੇਜ਼ੀ ਨਾਲ ਵਿਕਸਤ ਹੋ ਰਿਹਾ ਖੇਡ ਢਾਂਚਾ ਪੰਜਾਬ ਨੂੰ ਵੱਡੇ ਆਲਮੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਕੁਦਰਤੀ ਪਸੰਦ ਬਣਾਉਂਦਾ ਹੈ।
ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਛੇ ਨਵੇਂ ਹਾਕੀ ਐਸਟ੍ਰੋਟਰਫ਼ ਮੈਦਾਨ ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ, ਜਦਕਿ ਦੋ ਹੋਰ ਮੈਦਾਨਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ। ਇਸ ਤੋਂ ਇਲਾਵਾ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਤੌਰ ‘ਤੇ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖ਼ੁਸ਼ੀ ਦਾ ਮਾਹੌਲ ਉਸ ਵੇਲੇ ਹੋਰ ਵੀ ਦੂਣਾ ਹੋ ਗਿਆ ਜਦੋਂ ਭਾਰਤੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ‘ਤੇ ਆਪਣਾ ਕਬਜ਼ਾ ਕਾਇਮ ਰੱਖਦਿਆਂ ਫ਼ਾਈਨਲ ਵਿੱਚ ਜਾਪਾਨ ਨੂੰ 4-1 ਨਾਲ ਸ਼ਿਕਸਤ ਦਿੱਤੀ ਅਤੇ ਦਰਸ਼ਕਾਂ ਨਾਲ ਖਚਾਖਚ ਭਰੇ ਮੋਹਾਲੀ ਸਟੇਡੀਅਮ ਨੇ ਗੱਤਕੇ ਤੇ ਭੰਗੜੇ ਦੀਆਂ ਦਿਲਕਸ਼ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਮਹਾਨ ਸੱਭਿਆਚਾਰ ਦਾ ਆਨੰਦ ਮਾਣਿਆ।
ਪਹਿਲੀ ਵਾਰ ਮੇਜ਼ਬਾਨੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਸਫ਼ਲ ਪ੍ਰਬੰਧਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵੱਡੇ ਕੌਮਾਂਤਰੀ ਖੇਡ ਸਮਾਗਮਾਂ ਦਾ ਸੁਚੱਜਾ ਪ੍ਰਬੰਧ ਕਰਨ ਦੀ ਪੂਰੀ ਸਮਰੱਥਾ ਰੱਖਦਾ ਹੈ। ਪਹਿਲੀ ਵਾਰ ਇਸ ਵੱਡੇ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਪੰਜਾਬ ਦੇ ਖੇਡ ਸਫ਼ਰ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਹੈ, ਜੋ ਆਲਮੀ ਪੱਧਰ ਦੇ ਵੱਡੇ ਟੂਰਨਾਮੈਂਟ ਕਰਵਾਉਣ ਵੱਲ ਇੱਕ ਮਹੱਤਵਪੂਰਨ ਪੁਲਾਂਘ ਸਾਬਤ ਹੋਵੇਗੀ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੀ ਮਿਹਨਤਕਸ਼ ਜਨਤਾ, ਅਮੀਰ ਸੱਭਿਆਚਾਰ ਅਤੇ ਨਿੱਘੀ ਮਹਿਮਾਨਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਇੱਥੇ ਪਹੁੰਚਿਆ ਹਰ ਖਿਡਾਰੀ ਅਤੇ ਦਰਸ਼ਕ ਪੰਜਾਬ ਵਿੱਚ ਬਿਤਾਏ ਸਮੇਂ ਦੀਆਂ ਅਭੁੱਲ ਯਾਦਾਂ ਆਪਣੇ ਦਿਲਾਂ ਵਿੱਚ ਸਮੋ ਕੇ ਲੈ ਕੇ ਜਾਵੇਗਾ।
77 ਓਲੰਪੀਅਨਾਂ ਦੀ ਧਰਤੀ ਪੰਜਾਬ: CM ਮਾਨ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀ ਖਿਡਾਰੀਆਂ ਦੀ ਲਾਮਿਸਾਲ ਦੇਣ ਤੋਂ ਬਿਨਾਂ ਭਾਰਤੀ ਹਾਕੀ ਦੇ ਸੁਨਹਿਰੀ ਇਤਿਹਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਮਹਾਨ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਊਧਮ ਸਿੰਘ, ਪ੍ਰਿਥੀਪਾਲ ਸਿੰਘ, ਅਜੀਤਪਾਲ ਸਿੰਘ ਅਤੇ ਸੁਰਜੀਤ ਸਿੰਘ ਤੋਂ ਲੈ ਕੇ ਮੌਜੂਦਾ ਦੌਰ ਦੇ ਚਮਕਦੇ ਸਿਤਾਰਿਆਂ ਜਿਵੇਂ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਰੁਪਿੰਦਰਪਾਲ ਸਿੰਘ ਤੱਕ, ਪੰਜਾਬ ਨੇ ਭਾਰਤੀ ਹਾਕੀ ਨੂੰ ਹਮੇਸ਼ਾ ਅਦੁੱਤੀ ਪ੍ਰਤਿਭਾ ਪ੍ਰਦਾਨ ਕੀਤੀ ਹੈ।
ਇਹ ਵੀ ਪੜ੍ਹੋ
ਉਨ੍ਹਾਂ ਦੱਸਿਆ ਕਿ ਪੰਜਾਬ ਨੇ ਸਾਲ 1928 ਦੀਆਂ ਐਮਸਟਰਡਮ ਓਲੰਪਿਕ ਖੇਡਾਂ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕ ਖੇਡਾਂ ਤੱਕ ਦੇਸ਼ ਨੂੰ 77 ਹਾਕੀ ਓਲੰਪੀਅਨ ਦਿੱਤੇ ਹਨ, ਜਦਕਿ ਸੂਬੇ ਦੇ 48 ਖਿਡਾਰੀਆਂ ਨੇ ਓਲੰਪਿਕ ਤਗ਼ਮੇ ਜਿੱਤ ਕੇ ਦੇਸ਼ ਦੀ ਝੋਲੀ ਪਾਏ ਹਨ। ਇਹ ਨਿਵੇਕਲਾ ਰਿਕਾਰਡ ਹਾਕੀ ਪ੍ਰਤੀ ਪੰਜਾਬੀਆਂ ਦੇ ਡੂੰਘੇ ਜਜ਼ਬੇ ਦੀ ਗਵਾਹੀ ਭਰਦਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਇਸ ਮਹਾਨ ਖੇਡ ਵਿਰਾਸਤ ਦਾ ਪ੍ਰਤੀਕ ਹੈ। ਇਹ ਸਟੇਡੀਅਮ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਸੈਂਟਰ ਅਤੇ ਖੇਲੋ ਇੰਡੀਆ ਸੈਂਟਰ ਰਾਹੀਂ ਭਵਿੱਖ ਦੇ ਨਵੇਂ ਚੈਂਪੀਅਨ ਤਿਆਰ ਕਰ ਰਿਹਾ ਹੈ, ਜਿੱਥੇ ਕ੍ਰਮਵਾਰ 102 ਅਤੇ 33 ਉੱਭਰਦੇ ਹਾਕੀ ਖਿਡਾਰੀ ਵਿਸ਼ੇਸ਼ ਕੋਚਿੰਗ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਅਤੇ ਪਹਿਲੀ ਵਾਰ ਖੇਡਾਂ ਲਈ 1,744 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰਾਖਵਾਂ ਰੱਖਿਆ, ਜੋ ਨੌਜਵਾਨ ਖੇਡ ਪ੍ਰਤਿਭਾ ਨੂੰ ਆਧੁਨਿਕ ਸਹੂਲਤਾਂ ਅਤੇ ਬਿਹਤਰੀਨ ਮੌਕੇ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਦਿੜ੍ਹਤਾ ਨੂੰ ਦਰਸਾਉਂਦਾ ਹੈ।
ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ
ਮੋਹਾਲੀ ਦੇ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿਖੇ ਖੇਡੇ ਗਏ ਬੇਹੱਦ ਰੋਮਾਂਚਕ ਫ਼ਾਈਨਲ ਮੁਕਾਬਲੇ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਮਾਤ ਦੇ ਕੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖ਼ਿਤਾਬ ਮੁੜ ਆਪਣੇ ਨਾਮ ਕੀਤਾ। ਇਸ ਤੋਂ ਪਹਿਲਾਂ ਮਲੇਸ਼ੀਆ ਨੇ ਇੱਕ ਫ਼ਸਵੇਂ ਮੁਕਾਬਲੇ ਵਿੱਚ ਦੱਖਣੀ ਕੋਰੀਆ ਨੂੰ ਹਰਾ ਕੇ ਟੂਰਨਾਮੈਂਟ ਵਿੱਚ ਤੀਜਾ ਸਥਾਨ ਹਾਸਲ ਕੀਤਾ, ਜਿਸ ਦਾ ਹਜ਼ਾਰਾਂ ਦਰਸ਼ਕ ਗਵਾਹ ਬਣੇ।
ਇਸ ਇਤਿਹਾਸਕ ਮੌਕੇ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ 200ਵਾਂ ਕੌਮਾਂਤਰੀ ਮੈਚ ਖੇਡਣ ਵਾਲੇ ਭਾਰਤੀ ਖਿਡਾਰੀ ਹਾਰਦਿਕ ਸਿੰਘ ਨੂੰ ਵਿਸ਼ੇਸ਼ ਜਰਸੀ ਭੇਟ ਕਰਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਤੇ ਜਾਪਾਨੀ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਜੇਤੂ ਭਾਰਤੀ ਟੀਮ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ।
ਸਮਾਪਤੀ ਸਮਾਰੋਹ ਦੌਰਾਨ ਪੇਸ਼ ਕੀਤੇ ਗਏ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ, ਜਿਸ ਵਿੱਚ ਢੋਲ ਦੇ ਡਗੇ ‘ਤੇ ਭੰਗੜੇ ਦੀ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਨੇ ਟੂਰਨਾਮੈਂਟ ਦੇ ਬੇਮਿਸਾਲ ਪ੍ਰਬੰਧਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਵਰੁਣ ਰੂਜ਼ਮ, ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।


