New Sports Policy: ਨਵੀਂ ਖੇਡ ਨੀਤੀ ਲਈ ਸਰਕਾਰ ਨੇ 15 ਅਪ੍ਰੈਲ ਤੱਕ ਮੰਗੇ ਸੁਝਾਅ

Published: 

03 Apr 2023 18:54 PM

Suggestions Invited: ਖਿਡਾਰੀ ਅਤੇ ਖੇਡਾਂ ਨਾਲ ਜੁੜੇ ਲੋਕ 15 ਅਪ੍ਰੈਲ 2023 ਤੱਕ ਈਮੇਲ suggestions.sportspolicy.punjab@gmail.com 'ਤੇ ਆਪਣੇ ਸੁਝਾਅ ਭੇਜ ਸਕਦੇ ਹਨ ਤਾਂ ਜੋ ਖਰੜੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਨ੍ਹਾਂ ਸੁਝਾਵਾਂ ਨੂੰ ਖੇਡ ਨੀਤੀ ਵਿੱਚ ਸ਼ਾਮਲ ਕੀਤਾ ਜਾ ਸਕੇ।

Follow Us On

ਚੰਡੀਗੜ੍ਹ ਨਿਊਜ: ਪੰਜਾਬ ਚ ਨਵੀਂ ਖੇਡ ਨੀਤੀ ਲਾਗੂ (New Sports Policy) ਕਰਨ ਲਈ ਸਰਕਾਰ ਨੇ ਲੋਕਾਂ ਤੋਂ ਸੁਝਾਅ ਮੰਗੇ ਹਨ। ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਹੈ ਕਿ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣ ਚ ਮੋਹਰੀ ਭੂਮਿਕਾ ਨਿਭਾਏਗੀ।ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਾਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪ੍ਰੈਲ ਤੱਕ ਸੁਝਾਅ ਮੰਗੇ ਗਏ ਹਨ।

ਨਵੀਂ ਖੇਡ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ‘ਲੋਕਾਂ ਦੀ ਸਰਕਾਰ, ਲੋਕਾਂ ਲਈ ਸਰਕਾਰ’ ਦੇ ਨਾਅਰੇ ਨੂੰ ਪੂਰਾ ਕਰਦਿਆਂ ਖੇਡ ਵਿਭਾਗ ਵੱਲੋਂ ਵੀ ਖੇਡ ਨੀਤੀ ਲਈ ਲੋਕਾਂ ਦੇ ਸੁਝਾਅ ਮੰਗੇ ਗਏ ਹਨ।

‘ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ ਖੇਡ ਨੀਤੀ’

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਨਗਦ ਰਾਸ਼ੀ ਦੇਣ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਵਿਭਾਗ ਦਾ ਸਾਂਝਾ ਖੇਡ ਕੈਲੰਡਰ ਤਿਆਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਖੇਡ ਨੀਤੀ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਵਿੱਚ ਸੋਨ ਤਮਗਾ ਜੇਤੂ ਹਾਕੀ ਓਲੰਪੀਅਨ ਤੇ ਅਰਜੁਨ ਐਵਾਰਡੀ ਸੁਰਿੰਦਰ ਸਿੰਘ ਸੋਢੀ, ਮੁੱਕੇਬਾਜ਼ੀ ਦੇ ਸਾਬਕਾ ਚੀਫ ਕੋਚ ਤੇ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ, ਐਨ.ਆਈ.ਐਸ., ਸਕੂਲ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version