ਐਸਜੀਪੀਸੀ
ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਸੰਗਤਾਂ ਦੇ ਹਿੱਤਾ ਦੀ ਰਾਖੀ ਕਰਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਤੱਕ ਗੁਰਦੁਆਰਾ ਸੁਧਾਰ ਲਹਿਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਅਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 10 ਦਹਾਕਿਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੀ ਹੈ।