ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਦੀ ਹੋਵੇਗੀ SAD ‘ਚ ਵਾਪਸੀ
ਕੁਝ ਦਿਨ ਪਹਿਲਾਂ ਹੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਵਿੱਚ ਵਾਪਸੀ ਹੋਈ ਸੀ। ਜਿਸ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋ ਰਹੀ ਹੈ। ਇਸ ਸਬੰਧੀ 14 ਮਾਰਚ ਨੂੰ ਦੁਪਹਿਰ 1 ਵਜੇ SAD ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਗੋਵਾਲ ਪਹੁੰਚਣਗੇ। ਜਿੱਥੇ ਉਹ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨਗੇ। ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦੇ ਕੇ ਪਾਰਟੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਅਜੇ ਬੀਬੀ ਜਗੀਰ ਕੌਰ ਨੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦਾ ਬਿਆਨ ਜਾਰੀ ਨਹੀਂ ਕੀਤਾ ਹੈ।
ਬੀਬੀ ਜਗੀਰ ਕੌਰ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਸੀ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਸਿਰ ‘ਤੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਦਿੱਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਆਪਣਾ ਪੱਖ ਪੇਸ਼ ਕੀਤਾ ਅਤੇ ਨਾ ਹੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਇਆ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਉਹ ਹਮੇਸ਼ਾ ਇਹੀ ਕਹਿੰਦੀ ਰਹੀ ਕਿ ਉਸ ਨੇ ਪਾਰਟੀ ਨਹੀਂ ਛੱਡੀ, ਉਸ ਨੂੰ ਉਸੇ ਤਰ੍ਹਾਂ ਪਾਰਟੀ ‘ਚ ਵਾਪਿਸ ਆਉਣਾ ਚਾਹੀਦਾ ਹੈ, ਜਿਸ ਤਰ੍ਹਾਂ ਉਸ ਨੂੰ ਪਾਰਟੀ ‘ਚੋਂ ਕੱਢਿਆ ਗਿਆ ਸੀ। ਉਧਰ, ਇੱਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਦਲਬੀਜ ਚੀਮਾ ਨੇ ਬੀਬੀ ਜਗੀਰ ਕੌਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਖ਼ਬਰ ਨੂੰ ਲੈ ਕੇ ਪੁਸ਼ਟੀ ਕੀਤੀ ਹੈ।