CM ਮਾਨ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

| Edited By: Isha Sharma

Aug 09, 2024 | 3:57 PM IST

ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਹਾਕੀ ਖੇਡੀ। ਹਰਮਨਪ੍ਰੀਤ ਸਿੰਘ ਨੇ 10 ਗੋਲ ਕੀਤੇ। ਇਨ੍ਹਾਂ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਇਕ-ਇਕ ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਮੈਚ ਵਿੱਚ ਭਾਰਤੀ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਵੱਲ ਤੋਰਿਆ।