ਪਿਛਲੀ ਸਰਕਾਰ ਦੌਰਾਨ ਕਰਵਾਏ NRI ਸੰਮੇਲਨ ਮਹਿਜ਼ ਧੋਖਾ- ਸੀਐੱਮ ਮਾਨ
Punjab: ਮੁੱਖ ਮੰਤਰੀ ਨੇ ਕਿਹਾ, ਮੈਂ ਇਕ ਸਧਾਰਨ ਪਰਿਵਾਰ ਵਿੱਚ ਜੰਮਿਆ-ਪਲਿਆ ਹਾਂ ਜਿਸ ਕਰਕੇ ਜ਼ਮੀਨੀ ਪੱਧਰ ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂੰ ਹਾਂ। ਮੈਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਹੁਣ ਹਰੇਕ ਨਾਗਰਿਕ ਦੀ ਜਾਇਜ਼ ਸਮੱਸਿਆ ਦੇ ਹੱਲ ਲਈ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੈ। ਅਸੀਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹਾਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਐਨ.ਆਰ.ਆਈ. ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ।
