ਨਵਜੋਤ ਸਿੰਘ ਸਿੱਧੂ ਨਹੀਂ ਲੜਣਗੇ ਲੋਕ ਸਭਾ ਚੋਣਾਂ, ਕਾਂਗਰਸ ਪਾਰਟੀ ਹਾਈਕਮਾਂਡ ਨੂੰ ਉਮੀਦਵਾਰ ਬਣਨ ਤੋਂ ਕੀਤਾ ਸਾਫ ਇਨਕਾਰ
ਪਟਿਆਲਾ ਲੋਕ ਸਭਾ ਸੀਟ ਨੂੰ ਸ਼ਾਹੀ ਸੀਟ ਵਜੋਂ ਵੀ ਜਾਣਿਆ ਜਾਂਦਾ ਹੈ। ਕਿਉਂਕਿ ਇਸ ਸੀਟ ਤੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਕਬਜ਼ਾ ਰਿਹਾ ਹੈ। ਇਸ ਸਮੇਂ ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ਮੌਜੂਦਾ ਸਾਂਸਦ ਹਨ। ਹਾਲਾਂਕਿ ਇਸ ਵਾਰ ਉਹਨਾਂ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਦਿੱਤੀ ਜਾਵੇਗੀ ਜਿਸ ਕਰਕੇ ਇਸ ਗੱਲ ਦੇ ਅਸਾਰ ਹਨ ਕਿ ਉਹ ਭਾਜਪਾ ਦੀ ਟਿਕਟ ਤੇ ਚੋਣ ਮੈਦਾਨ ਵਿੱਚ ਉੱਤਰਣਗੇ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਹਾਈਕਮਾਂਡ ਨੂੰ ਉਮੀਦਵਾਰ ਬਣਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸ ਹਾਈਕਮਾਂਡ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਭਾਜਪਾ ਦੀ ਸੰਭਾਵਿਤ ਉਮੀਦਵਾਰ ਪ੍ਰਨੀਤ ਕੌਰ ਦੇ ਖਿਲਾਫ ਨਵਜੋਤ ਸਿੰਘ ਸਿੱਧੂ ਨੂੰ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੈਂਸਰ ਤੋਂ ਪੀੜਤ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਇਲਾਜ ਅਤੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਰਹੇ ਹਨ। ਨਵੋਜਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਂਡ ਨੂੰ ਦਿੱਤੀ ਜਾਣਕਾਰੀ ਵਿੱਚ ਕਿਹਾ ਹੈ ਕਿ ਉਹ ਸੂਬਾ ਪੱਧਰੀ ਸਿਆਸਤ ਵਿੱਚ ਹੀ ਸਰਗਰਮ ਰਹਿਣਾ ਚਾਹੁੰਦੇ ਹਨ। ਇਸ ਬਾਰੇ ਨਵਜੋਤ ਸਿੰਘ ਦੀ ਟੀਮ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
Published on: Mar 14, 2024 11:38 AM
Latest Videos