Navjot Singh Sidhu: ਨਵਜੋਤ ਸਿੰਘ ਸਿੱਧੂ ਨੂੰ ਮੁੜ ਮਿਲੀ ਵੱਡੀ ਜ਼ਿੰਮੇਵਾਰੀ, ਕੀ ਪਾਰਟੀ ਹੋਵੇਗੀ ਇੱਕਜੁੱਟ?

| Edited By: Isha Sharma

Jan 24, 2024 | 1:29 PM IST

Punjab Congress: ਲੋਕ ਸਭ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਵਿੱਚ ਹੋ ਰਹੀ ਖਿੱਚੋਤਾਣੀ ਨੂੰ ਖ਼ਤਮ ਕਰਨ ਦੇ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਕਮੇਟੀ ਵਿੱਚ ਰੱਖਿਆ ਗਿਆ ਹੈ। ਸਿੱਧੂ ਦੀ ਗਾਂਧੀ ਪਰਿਵਾਰ ਨਾਲ ਨੇੜਤਾ ਵੀ ਕੰਮ ਕਰ ਰਹੀ ਹੈ। ਉਹ ਪਾਰਟੀ ਵਿੱਚ ਆਪਣੇ ਵਿਰੋਧੀਆਂ ਖ਼ਿਲਾਫ਼ ਖੁੱਲ੍ਹ ਕੇ ਬੋਲ ਰਹੇ ਹਨ ਅਤੇ ਫਿਰ ਵੀ ਉਨ੍ਹਾਂ ਵਿਰੋਧੀਆਂ ਸਮੇਤ ਲੋਕ ਸਭਾ ਕਮੇਟੀ ਵਿੱਚ ਸ਼ਾਮਲ ਹੋ ਕੇ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਕਾਮਯਾਬ ਰਹੇ ਹਨ।

ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਹਿਮਤੀ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀ 31 ਮੈਂਬਰੀ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ। ਕਮੇਟੀ ਵਿੱਚ ਸਭ ਤੋਂ ਹੈਰਾਨੀਜਨਕ ਨਾਮ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਸੀ ਕਿਉਂਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਪੰਜਾਬ ਕਾਂਗਰਸ ਦੇ ਕਈ ਵੱਡੇ ਚਿਹਰਿਆਂ ਨੇ ਇਸ ਦੇ ਵਿਰੋਧ ਦੀ ਆਵਾਜ਼ ਬੁਲੰਦ ਕੀਤੀ ਸੀ। ਸਿੱਧੂ ਅਤੇ ਉਨ੍ਹਾਂ ਦੇ ਕਰੀਬੀ ਆਗੂਆਂ ਵੱਲੋਂ ਪਾਰਟੀ ਲਾਈਨ ਤੋਂ ਹਟ ਕੇ ਸੂਬਾਈ ਜਥੇਬੰਦੀ ਨੂੰ ਦੱਸੇ ਬਿਨਾਂ ਕੀਤੀਆਂ ਜਾ ਰਹੀਆਂ ਰੈਲੀਆਂ ਲਈ ਕਾਂਗਰਸੀ ਆਗੂ ਲਗਾਤਾਰ ਨਵਜੋਤ ਸਿੰਘ ਸਿੱਧੂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਸਨ ਅਤੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਣ ਦੀ ਖੁੱਲ੍ਹੇਆਮ ਮੰਗ ਕਰ ਰਹੇ ਸਨ।