ਸੰਕੇਤਕ ਤਸਵੀਰ (Photo Credit: PTI
)
ਪੰਜਾਬ ਅਤੇ ਹਰਿਆਣਾ ਸਮੇਤ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ‘ਚ ਲਗਾਤਾਰ ਦੂਜੇ ਦਿਨ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਸ ਧੂੰਦ ਦੇ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਮੰਗਲਵਾਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੁਆਲਾਲੰਪੁਰ ਜਾਣ ਵਾਲੀਆਂ ਦੋ ਉਡਾਣਾਂ ਨੂੰ ਰੱਦ ਕਰਨਾ ਪਿਆ, ਜਦੋਂ ਕਿ ਦਿਨ ਭਰ ਵਿੱਚ 27 ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦਾ ਸਮਾਂ ਬਦਲਣਾ ਪਿਆ।
ਏਅਰਪੋਰਟ ਅਥਾਰਟੀ ਨੇ ਦੱਸਿਆ ਕਿ ਫਲਾਈਟ ਨੇ ਕਰੀਬ 2.30 ਵਜੇ ਰਵਾਨਾ ਹੋਣਾ ਸੀ। ਇਸ ਤੋਂ ਬਾਅਦ ਦੁਪਹਿਰ 3.30 ਵਜੇ ਅੰਮ੍ਰਿਤਸਰ ਤੋਂ ਮਲੇਸ਼ੀਆ ਰਵਾਨਾ ਹੋਣਾ ਸੀ। ਸ੍ਰੀਨਗਰ ਲਈ ਉਡਾਣ ਦਾ ਸਮਾਂ ਬਦਲ ਕੇ ਦੁਪਹਿਰ 1:50 ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਵੇਰੇ ਸੜਕ ‘ਤੇ ਵਾਹਨ ਰੇਂਗਦੇ ਦੇਖੇ ਗਏ।
ਧੁੰਦ ਸਬੰਧੀ ਚੇਤਾਵਨੀ, ਡਰਾਈਵਰਾਂ ਲਈ ਸਲਾਹ
ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਖਾਸ ਤੌਰ ‘ਤੇ ਮੰਗਲਵਾਰ ਦੀ ਤਰ੍ਹਾਂ ਬੁੱਧਵਾਰ ਨੂੰ ਵੀ ਪੰਜਾਬ ‘ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹਿ ਸਕਦੀ ਹੈ। ਅਜਿਹੇ ‘ਚ ਵਿਭਾਗ ਨੇ ਇਨ੍ਹਾਂ ਜ਼ਿਲਿਆਂ ‘ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ।
ਚਾਰ ਦਿਨਾਂ ਬਾਅਦ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਪੱਛਮੀ ਗੜਬੜੀ ਕਾਰਨ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੈ, ਇਸ ਲਈ ਅਸਰ ਜ਼ਿਆਦਾ ਨਹੀਂ ਹੋਵੇਗਾ।