ਪੰਜਾਬ ਦੇ 8 ਜ਼ਿਲਿਆਂ ‘ਚ ਮੀਂਹ ਦਾ ਅਲਰਟ: ਧੁੰਦ ਦਾ ਕਹਿਰ, ਪਾਰਾ 3 ਡਿਗਰੀ ਤੱਕ ਡਿੱਗਣ ਦਾ ਅਨੁਮਾਨ

Updated On: 

11 Jan 2025 12:42 PM IST

Weathe Update: ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ

ਪੰਜਾਬ ਦੇ 8 ਜ਼ਿਲਿਆਂ ਚ ਮੀਂਹ ਦਾ ਅਲਰਟ: ਧੁੰਦ ਦਾ ਕਹਿਰ, ਪਾਰਾ 3 ਡਿਗਰੀ ਤੱਕ ਡਿੱਗਣ ਦਾ ਅਨੁਮਾਨ

ਮੀਂਹ ਦੀ ਪੁਰਾਣੀ ਤਸਵੀਰ.

Follow Us On

ਮੌਸਮ ਵਿਭਾਗ ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਅਤੇ ਚੰਡੀਗੜ੍ਹ ਲਈ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ ‘ਚ 3.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੈ। ਜਦਕਿ ਚੰਡੀਗੜ੍ਹ ‘ਚ 3.1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ।

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। 8 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਤੇ ਬਿਜਲੀ ਦੇ ਨਾਲ ਤੂਫਾਨ ਦੀ ਸੰਭਾਵਨਾ ਹੈ।

ਚੰਡੀਗੜ੍ਹ ‘ਚ 18 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਬਦਲਾਅ 13 ਜਨਵਰੀ 2025 ਤੋਂ 18 ਜਨਵਰੀ 2025 ਤੱਕ ਲਾਗੂ ਰਹੇਗਾ। ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਿੰਗਲ ਸ਼ਿਫਟ ਕਲਾਸਾਂ ਲਈ ਵਿਦਿਆਰਥੀਆਂ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਡਬਲ ਸ਼ਿਫਟ ਵਾਲੇ ਸਕੂਲਾਂ ਵਿੱਚ 6ਵੀਂ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਦਾ ਸਮਾਂ ਵੀ ਪਹਿਲਾਂ ਵਾਂਗ ਹੀ ਰਹੇਗਾ। ਪਹਿਲੀ ਤੋਂ ਪੰਜਵੀਂ ਜਮਾਤਾਂ ਦਾ ਸਮਾਂ ਦੁਪਹਿਰ 12:30 ਤੋਂ 3:30 ਤੱਕ ਨਿਰਧਾਰਿਤ ਕੀਤਾ ਗਿਆ ਹੈ। ਅਧਿਆਪਕਾਂ ਦੀ ਡਿਊਟੀ ਦਾ ਸਮਾਂ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਹੋਵੇਗਾ।

ਪ੍ਰਾਈਵੇਟ ਸਕੂਲਾਂ ਨੂੰ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ 3:30 ਵਜੇ ਤੋਂ ਬਾਅਦ ਕਲਾਸਾਂ ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਸਮਾਂ ਤੈਅ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪ੍ਰੀ-ਬੋਰਡ ਪ੍ਰੀਖਿਆਵਾਂ ਲਈ ਲੋੜ ਪੈਣ ‘ਤੇ ਸਵੇਰੇ 9:00 ਵਜੇ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਾਠਕ੍ਰਮ ਵਿੱਚ ਜੋ ਵੀ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਭਰਨ ਲਈ ਉਹ ਬੱਚਿਆਂ ਨਾਲ ਕੰਮ ਕਰਨ।

ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਧੁੰਦ ਛਾਈ ਹੋਈ ਹੈ। 14 ਜਨਵਰੀ ਤੱਕ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਬੱਦਲਵਾਈ ਰਹਿਣ ਤੋਂ ਬਾਅਦ ਆਉਣ ਵਾਲੇ ਦਿਨਾਂ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਨਾਲ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਹੇਠਾਂ ਆ ਜਾਵੇਗਾ।