23 Feb 2024
TV9 Punjabi
ਬੀਤੇ ਦਿਨੀਂ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਪੰਜਾਬ ਹਰਿਆਣਾ ਦੇ ਬਾਰਡਰ 'ਤੇ ਕਥਿਤ ਤੌਰ ਤੇ ਗੋਲੀ ਲੱਗਣ ਕਾਰਨ ਮਾਰੇ ਗਏ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੇ ਪਰਿਵਾਰਿਕ ਮੈਂਬਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਐਲਾਨ ਕੀਤਾ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨ ਦੀ ਛੋਟੀ ਭੈਣ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਤੁਹਾਨੂੰ ਦਸ ਦਈਏ ਕਿ ਮ੍ਰਿਤਕ ਨੌਜਵਾਨ ਦਾ ਫਿਲਹਾਲ ਸਸਕਾਰ ਨਹੀਂ ਕੀਤਾ ਗਿਆ। ਕਿਸਾਨ ਯੂਨੀਅਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਪੀੜਤ ਪਰਿਵਾਰ ਨੂੰ ਜੇਕਰ ਆਰਥਿਕ ਮਦਦ ਨਹੀ ਮਿਲਦੀ ਤਾਂ ਉਦੋਂ ਤੱਕ ਮ੍ਰਿਤਕ ਦਾ ਸਸਕਾਰ ਵੀ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰੇ। ਕਿਉਂਕਿ ਉਹਨਾਂ ਨੇ ਕਥਿਤ ਰੂਪ ਵਿੱਚ ਨੌਜਵਾਨ ਦੇ ਗੋਲੀ ਮਾਰੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਹ ਇਸ ਮਾਮਲੇ ਵਿੱਚ ਮੁਲਜ਼ਮਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨਗੇ।
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਜਿੱਥੇ ਤੱਕ ਸੰਭਵ ਹੈ ਉਹ ਆਪਣਾ ਫ਼ਰਜ ਨਿਭਾਅ ਰਹੇ ਹਨ।