24-07- 2024
TV9 Punjabi
Author: Ramandeep Singh
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਸੰਸਦ ਵਿਚ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕੀਤੀ। ਕਿਸਾਨ ਆਗੂਆਂ ਦਾ 12 ਮੈਂਬਰੀ ਵਫ਼ਦ ਸੰਸਦ ਵਿੱਚ ਰਾਹੁਲ ਦੇ ਦਫ਼ਤਰ ਪਹੁੰਚਿਆ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਕੀਤੀ।
ਕਿਸਾਨ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ-ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਗੱਲ ਕੀਤੀ ਸੀ। ਅਸੀਂ ਮੁਲਾਂਕਣ ਕੀਤਾ ਹੈ ਕਿ ਇਹ ਬਿਲਕੁਲ ਕੀਤਾ ਜਾ ਸਕਦਾ ਹੈ।
ਰਾਹੁਲ ਨੇ ਕਿਹਾ ਸਬੰਧੀ ਅਸੀਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਅਸੀਂ ਫੈਸਲਾ ਕੀਤਾ ਹੈ ਕਿ ਇੰਡੀਆ ਗਠਜੋੜ ਦੇ ਨੇਤਾਵਾਂ ਨਾਲ ਚਰਚਾ ਕਰਨ ਤੋਂ ਬਾਅਦ, ਅਸੀਂ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਸਰਕਾਰ ‘ਤੇ ਦਬਾਅ ਬਣਾਵਾਂਗੇ।
22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕਿਹਾ ਸੀ ਕਿ ਉਹ ਦੇਸ਼ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕਣਗੇ। ਐਮਐਸਪੀ ਗਾਰੰਟੀ ਨੂੰ ਕਾਨੂੰਨੀ ਰੂਪ ਦੇਣ, ਕਰਜ਼ਾ ਮੁਆਫੀ, ਫਸਲੀ ਬੀਮਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੈਨਸ਼ਨ, ਬਿਜਲੀ ਨਿੱਜੀਕਰਨ ਨੂੰ ਵਾਪਸ ਲੈਣ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਲਈ ਨਵਾਂ ਪ੍ਰਦਰਸ਼ਨ ਸ਼ੁਰੂ ਕਰਨਗੇ।
ਇਸ ਤੋਂ ਇਲਾਵਾ ਵਿਰੋਧੀ ਧਿਰ ਵੱਲੋਂ ਪਾਸ ਕੀਤੇ ਪ੍ਰਾਈਵੇਟ ਬਿੱਲਾਂ ਦੀ ਹਮਾਇਤ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਪ੍ਰਦਰਸ਼ਨਕਾਰੀ ਕਿਸਾਨ 15 ਅਗਸਤ ਨੂੰ ਦੇਸ਼ ਭਰ ਵਿੱਚ ਟਰੈਕਟਰ ਰੈਲੀਆਂ ਕਰਨਗੇ ਅਤੇ ਨਵੇਂ ਅਪਰਾਧਿਕ ਬਿੱਲ ਦੀਆਂ ਕਾਪੀਆਂ ਵੀ ਸਾੜਨਗੇ।
ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਕਿਸਾਨਾਂ ਦਾ ਦਿੱਲੀ ਚਲੋ ਮਾਰਚ 31 ਅਗਸਤ ਨੂੰ 200 ਦਿਨ ਪੂਰੇ ਕਰੇਗਾ। ਜਥੇਬੰਦੀਆਂ ਨੇ ਕਿਸਾਨਾਂ ਨੂੰ ਪੰਜਾਬ-ਹਰਿਆਣਾ ਦੀ ਖਨੌਰੀ-ਸ਼ੰਭੂ ਸਰਹੱਦ ਤੇ ਪੁੱਜਣ ਦੀ ਅਪੀਲ ਵੀ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (KMM) 1 ਸਤੰਬਰ 2024 ਨੂੰ ਉੱਤਰ ਪ੍ਰਦੇਸ਼ ਵਿੱਚ ਸੰਭਲ ਮੈਗਾ ਰੈਲੀ ਕਰਨਗੇ। 15 ਸਤੰਬਰ ਨੂੰ ਹਰਿਆਣਾ ਦੇ ਜੀਂਦ ਵਿੱਚ ਰੈਲੀ ਕਰਨ ਦੀਆਂ ਤਿਆਰੀਆਂ ਤੇ 22 ਸਤੰਬਰ ਨੂੰ ਪਿੱਪਲੀ ਵਿੱਚ ਇੱਕ ਹੋਰ ਰੈਲੀ ਕੀਤੀ ਜਾਵੇਗੀ।