16 Feb 2024
TV9 Punjabi
ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਇੱਕ ਵਾਰ ਫਿਰ ਬੇਸਿੱਟਾ ਰਹੀ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬਿਨਾਂ ਕਿਸੇ ਨਤੀਜ਼ੇ ਤੇ ਪਹੁੰਚਿਆ ਹੀ ਖ਼ਤਮ ਹੋ ਗਈ।
ਇਹ ਬੈਠਕ ਰਾਤ 8 ਵਜੇ ਤੋਂ ਦੇਰ ਰਾਤ 1:30 ਬਜੇ ਤੱਕ ਚੱਲੀ। ਸੂਤਰਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ ਵਿਚ ਕਿਸਾਨਾਂ ਅਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ।
ਪਰ ਇਸ ਬੈਠਕ ਵਿੱਚ ਕਿਸਾਨ ਆਗੂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ‘ਤੇ ਅੜੇ ਰਹੇ।
ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਵੀ ਮੌਜੂਦ ਸਨ।
ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤੱਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ।
ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ।
ਬੀਕੇਯੂ (ਚੜੂਨੀ) ਦੇ ਵਰਕਰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨਗੇ।
ਪੰਜਾਬ ਵਿੱਚ ਭਾਰਤ ਬੰਦ ਦੌਰਾਨ ਵੀ ਰੇਲਵੇ ਟਰੈਕ ਅਤੇ ਟੋਲ ਪਲਾਜ਼ੇ ਪ੍ਰਭਾਵਿਤ ਰਹਿਣਗੇ। ਪ੍ਰਾਈਵੇਟ ਬੱਸਾਂ ਬੰਦ ਰੱਖਣ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਹਿਸਾਰ ਦੇ ਸਿਸਾਈ ਕਲੀਰਾਮਨ ਵਿੱਚ ਪੰਚਾਇਤ ਕਰ ਕੇ 50 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਇੱਕ ਪਾਸੇ ਚੰਡੀਗੜ੍ਹ ਵਿੱਚ ਬੈਠਕ ਚੱਲ ਰਹੀ ਸੀ ਤਾਂ ਉੱਥੇ ਦੂਜੇ ਪਾਸੇ ਸੰਭੂ ਬਾਰਡਰ ਤੇ ਦੇਰ ਰਾਤ ਤੱਕ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਣ ਤੋਂ ਨਾਰਾਜ਼ ਕੁਝ ਕਿਸਾਨਾਂ ਬੈਰੀਕੇਡਾਂ ਨੇੜੇ ਪੁੱਜ ਗਏ। ਸੁਰੱਖਿਆ ਫੋਰਸ ਨੇ ਉਹਨਾਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਦਾਗੀਆਂ।