08-11- 2026
TV9 Punjabi
Author: Shubham Anand
ਮਾਨਸਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਝੋਟਾ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਕਰਕੇ ਚਰਚਾ ਵਿੱਚ ਆਏ ਸਨ। ਉਹ ਮੈਡੀਕਲ ਸਟੋਰਾਂ 'ਤੇ ਕਥਿਤ ਤੌਰ 'ਤੇ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੇ ਮਾਮਲੇ ਚੁੱਕਦੇ ਸਨ। ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਵੀ ਉਹ ਇਸ ਮੁੱਦੇ 'ਤੇ ਸਵਾਲ ਉਠਾਉਂਦੇ ਸਨ। ਉਨ੍ਹਾਂ ਦੀ ਇਸ ਮੁਹਿੰਮ ਕਾਰਨ ਕਈ ਵਿਵਾਦ ਵੀ ਸਾਹਮਣੇ ਆਏ।
ਜੁਲਾਈ 2023 ਵਿੱਚ ਝੋਟਾ ਨੇ ਮਾਨਸਾ ਦੇ ਇੱਕ ਮੈਡੀਕਲ ਸਟੋਰ 'ਤੇ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਵੇਚਣ ਦੇ ਆਰੋਪ ਲਗਾਏ ਸਨ। ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਦਾ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਨਾਲ ਟਕਰਾਅ ਹੋਇਆ।
13 ਅਕਤੂਬਰ 2026 ਨੂੰ ਪਰਮਿੰਦਰ ਸਿੰਘ ਝੋਟਾ ਮਾਨਸਾ ਦੇ ਇੱਕ ਮੈਡੀਕਲ ਸਟੋਰ 'ਤੇ ਪਹੁੰਚੇ ਸਨ। ਉੱਥੇ ਨਸ਼ੀਲੀਆਂ ਦਵਾਈਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਦੁਕਾਨ ਮਾਲਕ ਅਸ਼ਵਨੀ ਕੁਮਾਰ ਨਾਲ ਉਨ੍ਹਾਂ ਦੀ ਬਹਿਸ ਹੋ ਗਈ। ਇਸ ਦੌਰਾਨ ਗੋਲੀਬਾਰੀ ਹੋਈ ਅਤੇ ਝੋਟਾ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ਵਿੱਚ ਲੋਕਾਂ ਦਾ ਗੁੱਸਾ ਭੜਕ ਗਿਆ। 14 ਅਕਤੂਬਰ ਨੂੰ ਪ੍ਰਦਰਸ਼ਨਕਾਰੀਆਂ ਦੀ ਭੀੜ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਅਤੇ ਬਾਅਦ ਵਿੱਚ ਅੱਗ ਵੀ ਲਗਾ ਦਿੱਤੀ। ਮੁਲਜ਼ਮ ਦੇ ਘਰ ਦੇ ਇੱਕ ਹਿੱਸੇ ਨੂੰ ਵੀ ਨੁਕਸਾਨ ਪਹੁੰਚਿਆ।
ਪੁਲਿਸ ਨੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਵਿੱਚ ਉਸ ਦੀ ਪਤਨੀ ਨੀਲਮ ਰਾਣੀ, ਪੁੱਤਰ ਲੱਡੀ ਸਿੰਘ ਅਤੇ ਵਿਪਿਨ ਗਰਗ ਨੂੰ ਵੀ ਕਥਿਤ ਤੌਰ 'ਤੇ ਫਰਾਰ ਹੋਣ ਵਿੱਚ ਮਦਦ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ।
ਪਰਿਵਾਰ ਦੀ ਮੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਨੂੰ ਕਤਲ ਕੇਸ CBI ਨੂੰ ਸੌਂਪਣ ਦਾ ਐਲਾਨ ਕੀਤਾ। ਇਸ ਤੋਂ ਬਾਅਦ 21 ਅਕਤੂਬਰ ਨੂੰ CBI ਨੇ ਨਵੀਂ FIR ਦਰਜ ਕਰਕੇ ਜਾਂਚ ਆਪਣੇ ਹੱਥ ਵਿੱਚ ਲੈ ਲਈ।
ਪਰਿਵਾਰ ਅਤੇ ਪੰਜਾਬ ਸਰਕਾਰ ਵਿਚਾਲੇ 5 ਨਵੰਬਰ ਨੂੰ ਸਹਿਮਤੀ ਬਣਨ ਤੋਂ ਬਾਅਦ ਝੋਟਾ ਦੀ ਮ੍ਰਿਤਕ ਦੇਹ ਦਾ 7 ਨਵੰਬਰ ਨੂੰ ਚੰਡੀਗੜ੍ਹ ਦੇ PGIMER ਵਿੱਚ ਪੋਸਟਮਾਰਟਮ ਕਰਵਾਇਆ ਗਿਆ। ਪਰਿਵਾਰ ਨੇ 8 ਨਵੰਬਰ ਨੂੰ ਅੰਤਿਮ ਸਸਕਾਰ ਤੋਂ ਪਹਿਲਾਂ ਉਨ੍ਹਾਂ ਨੂੰ ਫੁੱਲਾਂ ਦੀ ਵਰਖਾ ਨਾਲ ਸ਼ਰਧਾਂਜਲੀ ਦੇਣ ਦਾ ਐਲਾਨ ਕੀਤਾ। ਪਰਿਵਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ।