24 May 2024
TV9 Punjabi
Author: Ramandeep Singh
ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਹੁਣ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਤਾਪਮਾਨ ‘ਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਬਠਿੰਡਾ ਦਾ ਤਾਪਮਾਨ ਵੀਰਵਾਰ ਨੂੰ ਇੱਕ ਵਾਰ ਫਿਰ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਇਸ ਦੌਰਾਨ ਪੰਜਾਬ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਸੀ। ਇਸ ਵੈਸਟਰਨ ਡਿਸਟਰਬੈਂਸ ਚੱਲਦੀਆਂ ਸੂਬੇ ਵਿੱਚ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅੱਜ ਸ਼ੁੱਕਰਵਾਰ ਨੂੰ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਇਸ ਤੋਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ।
ਪਰ ਦੱਸ ਦਈਏ ਕਿ ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ। ਭਾਰਤ ‘ਚ 25 ਮਈ ਤੋਂ ਨੌਟਪਾ ਸ਼ੁਰੂ ਹੋ ਰਿਹਾ ਹੈ, ਜਿਸ ਤੋਂ ਬਾਅਦ ਐਤਵਾਰ ਤੋਂ ਇੱਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ।
ਮੌਸਮ ਵਿਭਾਗ ਮੁਤਾਬਕ ਸੂਬੇ ਦੇ 15 ਜ਼ਿਲ੍ਹਿਆਂ ਅੰਮ੍ਰਿਤਸਰ,ਬਰਨਾਲਾ, ਮਾਨਸਾ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਜਲੰਧਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਕਪੂਰਥਲਾ, ਬਠਿੰਡਾ,ਪਠਾਨਕੋਟ, ਗੁਰਦਾਸਪੁਰ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਕੋਲ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੁਹਾਲੀ ਅਤੇ ਪਟਿਆਲਾ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।