15-02- 2025
TV9 Punjabi
Author: Isha Sharma
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਕੋਰਟ ਨੇ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਹੈ।
ਧਰਮਸੋਤ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਜਸਟਿਸ ਸੁਧਾਂਸ਼ੂ ਧੂਲੀਆ ਅਤੇ ਵਿਨੋਦ ਚੰਦਰਨ ਦੇ ਬੈਂਚ ਨੇ ਕਾਂਗਰਸ ਨੇਤਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਹਿਰਾਸਤ ਵਿੱਚ ਲਏ ਜਾਣ ਤੋਂ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਰਾਹਤ ਦਿੱਤੀ।
ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ, ਸਾਧੂ ਸਿੰਘ ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਵਿੱਚ ਜੰਗਲਾਤ ਮੰਤਰੀ ਵਜੋਂ ਸੇਵਾ ਨਿਭਾ ਰਹੇ ਹਨ।
ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਦੌਰਾਨ, ਇਹ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਸੀ।
ਇਸ ਮਾਮਲੇ ‘ਤੇ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ।
ਜਿਸ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਸਾਲ 15 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ।
ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਵਾਬ ਤੋਂ ਸੰਤੁਸ਼ਟ ਨਾ ਹੋਣ ਕਰਕੇ, ਈਡੀ ਨੇ ਉਸ ਨੂੰ ਉਸੇ ਸਮੇਂ ਗ੍ਰਿਫਤਾਰ ਕਰ ਲਿਆ।