24-07- 2024
TV9 Punjabi
Author: Ramandeep Singh
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ। ਸੁਖਬੀਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ‘ਤੇ ਨਤਮਸਤਕ ਹੋਏ ਹਨ।
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਲਿਖਤੀ ਰੂਪ ਵਿੱਚ ਸਪੱਸ਼ਟੀਕਰਨ ਦਿੱਤਾ ਹੈ। ਜਥੇਦਾਰ ਰਘਬੀਰ ਸਿੰਘ ਨੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਸੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਇਸ ਮੁੱਦੇ ਤੇ ਆਪਣਾ ਲਿਖਿਤ ਸਪੱਸ਼ਟੀਕਰਨ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ ਨੂੰ ਲੈ ਕੇ 5 ਤਖ਼ਤਾਂ ਦੇ ਜਥੇਦਾਰ ਮੀਟਿੰਗ ਕਰਣਗੇ ਅਤੇ ਜੋ ਫੈਸਲਾ ਹੈ ਜਲਦ ਹੀ ਲਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਕ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਧ ਧਾਮੀ ਨੂੰ ਇੱਕ ਨੋਟਿਸ ਭੇਜਿਆ ਸੀ।
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਇਸ ਨੋਟਿਸ ਜਾ ਜਵਾਬ ਬੰਦ ਲਿਫਾਫੇ ਵਿੱਚ ਭੇਜਿਆ ਹੈ। ਹੁਣ ਇਸ ‘ਤੇ ਜੋ ਫੈਸਲਾ ਹੈ ਜਥੇਦਾਰ ਜੀ ਨੇ ਲੈਣ ਹੈ ਉਨ੍ਹਾਂ ਦਾ ਜੋ ਫੈਸਲਾ ਹੋਵੇਗਾ ਸਿਰਮੱਥੇ ਹੋਵੇਗਾ।
ਇਸ ਮੁਆਫ਼ੀਨਾਮੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਚਾਰਿਆ ਹੈ। ਇਸ ਮੁਆਫ਼ੀਨਾਮੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਰਾਮ ਰਹੀਮ ਨੂੰ ਮੁਆਫ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਇਸ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਤੇ ਪੇਸ਼ ਹੋਣ ਲਈ ਕਿਹਾ ਸੀ ਅਤੇ ਇਸ ਤੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਜਥੇਦਾਰ ਨੇ ਉਨ੍ਹਾਂ ਨੂੰ 15 ਦਿਨਾਂ ਦਾ ਸਮਾਂ ਵੀ ਦਿੱਤਾ ਸੀ।