6 March 2024
TV9 Punjabi
ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਦਿੱਲੀ ਮਾਰਚ ਕਰਨ ਲਈ ਚੱਲੇ ਕਿਸਾਨਾਂ ਦਾ ਅੰਦੋਲਨ 6 ਮਾਰਚ ਨੂੰ 23ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ।
ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ।
ਹਾਲਾਂਕਿ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪਹਿਲਾਂ ਹੀ ਧਰਨਾ ਦੇ ਰਹੇ ਕਿਸਾਨ ਇੱਥੇ ਬੈਠ ਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ।
ਇਸ ਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ ਵਿੱਚ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਨੂੰ ਰੋਕਿਆ ਜਾਵੇਗਾ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਹਾਪੰਚਾਇਤ ਦੀ ਰੂਪਰੇਖਾ ਐਲਾਨ ਦਿੱਤੀ ਹੈ।
ਇਸ ਵਿੱਚ ਦੇਸ਼ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਛੱਡ ਕੇ ਬੱਸਾਂ, ਰੇਲਾਂ ਅਤੇ ਹੋਰ ਵਾਹਨਾਂ ਰਾਹੀਂ ਪਹੁੰਚਣਗੇ।
ਕਿਸਾਨ ਮਹਾਪੰਚਾਇਤ ਤੋਂ ਬਾਅਦ ਸਿੱਧੇ ਵਾਪਿਸ ਆਪਣੇ ਘਰ ਪਰਤਣਗੇ। 8 ਮਾਰਚ ਨੂੰ ਮਹਿਲਾ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾਵੇਗਾ।