ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 10 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ਵਿੱਚ ਗਿਆ ਸੀ ਵਿਦੇਸ਼
Paramjit Singh Ghuman: ਵਿਦੇਸ਼ ਵਿੱਚ ਪੰਜਾਬ ਦੇ 35 ਸਾਲਾ ਨੌਜਵਾਨ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ 10 ਸਾਲ ਪਹਿਲਾਂ ਅਮਰੀਕਾ ਗਏ ਪਰਮਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਰਿਵਾਰ ਨੂੰ ਬੀਤੀ ਰਾਤ ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲੀ।
ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਕਤਲ
ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਭੁਲੱਥ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35), ਪੁੱਤਰ ਸਵਰਗੀ ਕਰਨੈਲ ਸਿੰਘ ਘੁੰਮਣ, ਵਾਸੀ ਭੁਲੱਥ ਵਜੋਂ ਹੋਈ ਹੈ।
ਪਰਿਵਾਰ ਨੂੰ ਫੋਨ ਰਾਹੀਂ ਮਿਲੀ ਸੂਚਨਾ
ਮ੍ਰਿਤਕ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਵਾਸੀ ਭੁਲੱਥ ਨੇ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਕਿ ਪਰਮਜੀਤ ਸਿੰਘ ਪੰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਮਜੀਤ ਕੰਮ ਤੋਂ ਵਾਪਸ ਪਰਤਣ ਤੋਂ ਬਾਅਦ ਆਪਣੀ ਕਾਰ ਵਿੱਚ ਬੈਠਾ ਹੋਇਆ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
10 ਸਾਲ ਪਹਿਲਾਂ ਗਿਆ ਸੀ ਵਿਦੇਸ਼
ਦਵਿੰਦਰ ਸਿੰਘ ਮੁਤਾਬਕ, ਅਜੇ ਤੱਕ ਹੱਤਿਆ ਕਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਵਾਰਦਾਤ ਪਿੱਛੇ ਦੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ। ਅਮਰੀਕੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਜੀਤ ਸਿੰਘ ਨੇ ਬਚਪਨ ਵਿੱਚ ਹੀ ਆਪਣੇ ਮਾਤਾ-ਪਿਤਾ ਨੂੰ ਗੁਆ ਦਿੱਤਾ ਸੀ। ਉਹ ਕਰੀਬ 10 ਸਾਲ ਪਹਿਲਾਂ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਸੀ।
ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਪਰਮਜੀਤ ਸਿੰਘ ਕੈਲੀਫੋਰਨੀਆ ਵਿੱਚ ਕੰਮ ਕਰਦਾ ਸੀ। ਵਿਦੇਸ਼ ਵਿੱਚ ਰਹਿ ਕੇ ਪਰਿਵਾਰ ਦਾ ਸਹਾਰਾ ਬਣੇ ਪਰਮਜੀਤ ਦੀ ਹੱਤਿਆ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਧਰ, ਪਰਮਜੀਤ ਦੀ ਮੌਤ ਦੀ ਖ਼ਬਰ ਭੁਲੱਥ ਪਹੁੰਚਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰਾਂ, ਜਾਣਕਾਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਜਾ ਰਹੀ ਹੈ।
